ਅਫੀਮ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ ਦੋ ਮੈਂਬਰ ਕਾਬੂ
ਹਤਿੰਦਰ ਮਹਿਤਾ
ਜਲੰਧਰ, 26 ਅਗਸਤ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇਤਲਾਹ ’ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ।
ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਝਾਰਖੰਡ ਤੋਂ ਲਿਆ ਕੇ ਅਫੀਮ ਲਿਆ ਕੇ ਜਲੰਧਰ ਵੇਚਦਾ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀਪੀ ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤਫ਼ਤੀਸ਼ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਟਰੇਸ ਕਰ ਲਿਆ, ਜੋ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਸੱਤ ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਹੁੰਡੇਈ ਆਈ-20 ਬਰਾਮਦ ਕੀਤੀ ਹੈ।