For the best experience, open
https://m.punjabitribuneonline.com
on your mobile browser.
Advertisement

ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੇ ਦੋ ਮਹੀਨੇ ਮੁਕੰਮਲ

09:08 AM Apr 14, 2024 IST
ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੇ ਦੋ ਮਹੀਨੇ ਮੁਕੰਮਲ
ਖਨੌਰੀ ਬਾਰਡਰ ਦੇ ਧਰਨੇ ’ਚ ਡਟੇ ਹੋਏ ਕਿਸਾਨ।
Advertisement

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 13 ਅਪਰੈਲ
ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ ਦੋ ਮਹੀਨੇ ਹੋ ਗਏ ਹਨ। ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਕਿਸਾਨਾਂ ਵੱਲੋਂ ਜਿੱਥੇ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਉੱਥੇ ਹੀ ਕਿਸਾਨੀ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਨੂੰ ਬੁਲੰਦ ਹੌਸਲੇ ਨਾਲ ਜਾਰੀ ਰੱਖਣ ਦਾ ਪ੍ਰਣ ਲਿਆ ਗਿਆ। ਬੁਲਾਰਿਆਂ ਨੇ ਐਲਾਨ ਕੀਤਾ ਕਿ 15 ਅਪਰੈਲ ਨੂੰ ਖਨੌਰੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਆਗੂਆਂ ਜਗਜੀਤ ਸਿੰਘ ਡੱਲੇਵਾਲ, ਅਭਿਮੰਨਿਊ ਕੋਹਾੜ, ਬਲਦੇਵ ਸਿੰਘ ਸੰਦੋਹਾ, ਕਾਕਾ ਸਿੰਘ ਕੋਟੜਾ, ਯਾਦਵਿੰਦਰ ਸਿੰਘ ਆਦਿ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਪੰਜਾਬ-ਹਰਿਆਣਾ ਦੇ ਸਾਰੇ ਪਿੰਡਾਂ ’ਚ ਕਿਸਾਨੀ ਅਤੇ ਰੁਜ਼ਗਾਰ ਦੇ ਮੁੱਦਿਆਂ ’ਤੇ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛੇ ਜਾ ਰਹੇ ਹਨ ਅਤੇ ਭਾਜਪਾ ਤੇ ਸਹਿਯੋਗੀ ਪਾਰਟੀਆਂ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਅਸਮਰੱਥ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਸਵਾਲਾਂ ਤੋਂ ਕਿਉਂ ਡਰਦੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੇ 2014 ਦੀਆਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਅਜੇ ਵੀ ਪੂਰੇ ਨਹੀਂ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਨਾਲ ਹੋਈ ਗੱਲਬਾਤ ਦੇ ਆਧਾਰ ’ਤੇ ਗ੍ਰਿਫ਼ਤਾਰ ਕਿਸਾਨ ਆਗੂਆਂ ਅਨੀਸ਼ ਖਟਕੜ, ਨਵਦੀਪ ਸਿੰਘ, ਗੁਰਕੀਰਤ ਸਿੰਘ ਦੀ ਰਿਹਾਈ 16 ਅਪਰੈਲ ਤੱਕ ਕੀਤੀ ਜਾਣੀ ਹੈ, ਜੇਕਰ ਅਧਿਕਾਰੀ ਵਾਅਦੇ ਤੋਂ ਮੁਕਰ ਗਏ ਤਾਂ ਦੋਵੇਂ ਮੋਰਚੇ ਰੇਲਾਂ ਰੋਕਣਗੇ। 15 ਅਪਰੈਲ ਨੂੰ ਖਨੌਰੀ ਸਰਹੱਦ ’ਤੇ ਦੋਵਾਂ ਮੋਰਚਿਆਂ ਦੀ ਸਾਂਝੀ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਉਲੀਕੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×