ਹੁਸ਼ਿਆਰਪੁਰ ਨੇੜੇ ਪੁਲੀਸ ਮੁਕਾਬਲੇ ਵਿੱਚ ਦੋ ਲੁਟੇਰੇ ਜ਼ਖ਼ਮੀ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 18 ਫ਼ਰਵਰੀ
ਇੱਥੇ ਅੱਜ ਪਿੰਡ ਤਾਰਾਗੜ੍ਹ ਨੇੜੇ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਲੁੱਟਾਂ ਖੋਹਾਂ ਕਰਨ ਵਾਲੇ ਦੋ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਅਨੁਸਾਰ ਇਸ ਸਬੰਧੀ ਗੁਪਤ ਸੂਚਨਾ ਮਿਲਣ ’ ’ਤੇ ਦੋਵਾਂ ਮੁਲਜ਼ਮਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਨ੍ਹਾਂ ਨੇ ਪੁਲੀਸ ਮੁਲਾਜ਼ਮਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਫਾਇਰਿੰਗ ਵਿੱਚ ਦੋਹਾਂ ਨੂੰ ਗੋਲੀਆਂ ਲੱਗੀਆਂ ਤੇ ਉਹ ਡਿੱਗ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਿਲ ਕਰਵਾਇਆ ਗਿਆ। ਮੁਲਜ਼ਮਾਂ ਦੀ ਪਛਾਣ ਅਕਾਸ਼ ਤੇ ਮਨਦੀਪ ਵਜੋਂ ਹੋਈ ਹੈ। ਦੋਵੇਂ ਜਲੰਧਰ ਦੇ ਵਾਸੀ ਹਨ। ਐੱਸਪੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਪੈਟਰੋਲ ਪੰਪਾਂ ਨੂੰ ਲੁੱਟਣ ਵਾਲੇ ਅਤੇ ਹੋਰ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮ ਨਸਰਾਲਾ ਖੇਤਰ ਵਿੱਚ ਘੁੰਮ ਰਹੇ ਸਨ। ਸੀਆਈਏ ਸਟਾਫ਼ ਤੇ ਬੱਲ੍ਹੋਵਾਲ ਪੁਲੀਸ ਨੇ ਜਦੋਂ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਇਨ੍ਹਾਂ ਨੇ ਅੱਗੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਵੀ ਉਨ੍ਹਾਂ ’ਤੇ ਜਵਾਬੀ ਫਾਇਰਿੰਗ ਕੀਤੀ ਗਈ। ਮੁੱਠਭੇੜ ਵਿਚ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ’ਤੇ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਕਈ ਵਾਰਦਾਤਾਂ ਵਿਚ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਪੁਲੀਸ ਵੱਲੋਂ ਵਾਰਦਾਤ ਵਿੱਚ ਵਰਤਿਆ ਗਿਆ ਅਸਲਾ ਵੀ ਬਰਾਮਦ ਕਰ ਲਿਆ ਗਿਆ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਜ਼ਖਮੀਆਂ ਦੀ ਹਾਲਤ ਸਥਿਰ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਪੈਟਰੋਲ ਪੰਪ ਲੁੱਟਣ ਦੀਆਂ ਕਈ ਵਾਰਦਾਤਾਂ ਵਾਪਰੀਆਂ ਸਨ ਅਤੇ ਪੁਲੀਸ ਵੱਲੋਂ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਸੀ।