ਦੋ ਤਸਕਰ 10 ਕਿਲੋ ਹੈਰੋਇਨ ਸਣੇ ਕਾਬੂ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਦਸੰਬਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਮਲੇ ਵਿੱਚ 10 ਕਿਲੋ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਪਹਿਲਾਂ 2015 ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਣੇ ਫੜੇ ਗਏ ਸਨ। ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੁਲੀਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ (60) ਵਾਸੀ ਪਿੰਡ ਤਲਵਾਨੀ ਭਰਥ, ਬਟਾਲਾ ਅਤੇ ਅਵਤਾਰ ਸਿੰਘ ਉਰਫ਼ ਤਾਰੀ (45) ਵਾਸੀ ਪਿੰਡ ਬਘਿਆੜੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਜੇਲ੍ਹ ਤੋਂ ਬਾਹਰ ਆ ਕੇ ਮੁੜ ਨਸ਼ਾ ਤਸਕਰੀ ਕਰਨ ਲੱਗ ਪਏ ਸਨ। ਇਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਾਰ ਵੀ ਜ਼ਬਤ ਕੀਤੀ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਦੋਵਾਂ ਨੇ ਮੁੜ ਪਾਕਿਸਤਾਨ ਦੇ ਤਸਕਰਾਂ ਨਾਲ ਸੰਪਰਕ ਬਣਾਇਆ ਅਤੇ ਪਿਛਲੇ ਕੁਝ ਮਹੀਨਿਆਂ ਵਿੱਚ ਡਰੋਨ ਰਾਹੀਂ ਸੁੱਟੀ ਹੈਰੋਇਨ ਦੀਆਂ ਲਗਪਗ ਤਿੰਨ ਖੇਪਾਂ ਪ੍ਰਾਪਤ ਕੀਤੀਆਂ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਤਰਾਂ ਤੋਂ ਪ੍ਰਾਪਤ ਖ਼ੁਫ਼ੀਆ ਇਲਤਾਹ ਦੇ ਆਧਾਰ ’ਤੇ ਪੁਲੀਸ ਟੀਮ ਨੇ ਵਿਸ਼ੇਸ਼ ਅਪ੍ਰੇਸ਼ਨ ਚਲਾਇਆ। ਪੁਲੀਸ ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਪਿੰਡ ਮੂਲੇਚੱਕ ਦੇ ਸੂਏ ਦੇ ਪੁਲ ਨੇੜਿਓਂ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਸਪਲਾਈ ਕਰਨ ਜਾ ਰਹੇ ਸਨ। ਇਸ ਸਬੰਧ ਵਿੱਚ ਐੱਨਡੀਪੀਐੱਸ ਐਕਟ ਤਹਿਤ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।