ਗੁੱਜਰਪੁਰਾ ’ਚ ਨਸ਼ਾ ਤਸਕਰ ਦੀ ਦੋ ਮੰਜ਼ਿਲਾ ਇਮਾਰਤ ਢਾਹੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਮਾਰਚ
ਇੱਥੇ ਅੱਜ ਨਗਰ ਨਿਗਮ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਗੁੱਜਰਪੁਰਾ ਖੇਤਰ ਵਿੱਚ ਨਸ਼ਾ ਤਸਕਰ ਦੀ ਇਮਾਰਤ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਇਸ ਕਾਰਵਾਈ ਦੌਰਾਨ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਹਾਜ਼ਰ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਹ ਜਾਇਦਾਦ ਅਜੇ ਕੁਮਾਰ ਉਰਫ ਬਿੱਲੀ ਦੀ ਹੈ, ਜੋ ਉਸ ਨੇ ਨਸ਼ਿਆਂ ਦੇ ਕਾਰੋਬਾਰ ਨਾਲ ਇਕੱਠੀ ਕੀਤੀ ਨਾਜਾਇਜ਼ ਆਮਦਨ ਤੋਂ ਬਣਾਈ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧੀ ਸਮੁੱਚੀ ਲੋੜੀਂਦੀ ਕਾਰਵਾਈ ਪੂਰੀ ਕਰਨ ਮਗਰੋਂ ਅੱਜ ਨਗਰ ਨਿਗਮ ਵੱਲੋਂ ਇਸ ਇਮਾਰਤ ਨੂੰ ਢਹਿ-ਢੇਰੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਨਾਰਕੋਟਿਕਸ ਐਕਟ ਤਹਿਤ ਪੰਜ ਕੇਸ ਦਰਜ ਹਨ ਅਤੇ ਇਸ ਵੇਲੇ ਉਹ ਭਗੌੜਾ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਨੇ ਇਸ ਕਾਰਵਾਈ ਰਾਹੀਂ ਹੋਰ ਨਸ਼ਾ ਤਸਕਰਾਂ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਵੀ ਸਖ਼ਤ ਸੁਨੇਹਾ ਦੇਣ ਦਾ ਯਤਨ ਕੀਤਾ ਹੈ। ਇਸ ਦੌਰਾਨ ਭਗੌੜੇ ਮੁਲਜ਼ਮ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਆਪਣੇ ਪੁੱਤਰ ਨੂੰ ਬੇਦਖ਼ਲ ਕੀਤਾ ਹੋਇਆ ਹੈ ਅਤੇ ਉਸ ਦਾ ਇਸ ਜਾਇਦਾਦ ਨਾਲ ਕੋਈ ਸਬੰਧ ਨਹੀਂ ਹੈ। ਪੁਲੀਸ ਵੱਲੋਂ ਇਸ ਤੋਂ ਪਹਿਲਾਂ 6 ਮਾਰਚ ਨੂੰ ਇਲਾਕਾ ਭਰਾੜੀ ਵਾਲ ਅਤੇ ਮਕਬੂਲਪੁਰਾ ਇਲਾਕੇ ਵਿੱਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਸੀ।