ਜੰਮੂ ਕਸ਼ਮੀਰ ਦੇ ਉੜੀ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦ ਹਲਾਕ
ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀਨਗਰ, 16 ਸਤੰਬਰ
ਬਾਰਾਮੁੱਲਾ ਜ਼ਿਲ੍ਹੇ ਦੇ ਉੜੀ ਵਿੱਚ ਹਥਲੰਗਾ ਨੇੜੇ ਕੰਟਰੋਲ ਰੇਖਾ ਦੇ ਨਾਲ ਮੂਹਰਲੀਆਂ ਚੌਕੀਆਂ ’ਤੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦ ਮਾਰੇ ਗਏ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਤੇ ਪੁਲੀਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਖੇਤਰ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਪੁਖਤਾ ਜਾਣਕਾਰੀ ਦੇ ਅਧਾਰ ’ਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ, ਜਦੋਂ ਦਹਿਸ਼ਤਗਰਦਾਂ ਨੇ ਟੀਮ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੁਵੱਲੀ ਗੋਲੀਬਾਰੀ ਵਿੱਚ ਤਿੰਨ ਦਹਿਸ਼ਤਗਰਦ ਮਾਰੇ ਗਏ। ਅਧਿਕਾਰੀਆਂ ਨੇ ਕਿਹਾ ਕਿ ਤਿੰਨੇ ਦਹਿਸ਼ਤਗਰਦ ਭਾਰੀ ਖੇਤਰ ਵਿਚ ਘੁਸਪੈਠ ਦੀ ਫਿਰਾਕ ਵਿੱਚ ਸਨ। ਇਸ ਦੌਰਾਨ ਦੋ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਜਦੋਂਕਿ ਨੇੜਲੀ ਪਾਕਿਸਤਾਨੀ ਚੌਕੀ ਵੱਲੋਂ ਕੀਤੀ ਜਾ ਰਹੀ ਫਾਇਰਿੰਗ ਕਰਕੇ ਤੀਜੇ ਦਹਿਸ਼ਤਗਰਦ ਦੀ ਲਾਸ਼ ਅਜੇ ਤੱਕ ਨਹੀਂ ਮਿਲੀ। ਪੁਲੀਸ ਮੁਤਾਬਕ ਅਜੇ ਤੱਕ ਦਹਿਸ਼ਤਗਰਦਾਂ ਦੀ ਪਛਾਣ ਜਾਂ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ, ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ।