ਯੂਏਈ ਦੇ ਰਾਜਦੂਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਵਿੱਚ ਯੂਏਈ ਦੇ ਰਾਜਦੂਤ ਡਾ. ਅਬਦੁਲ ਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮ੍ਰਿਤਸਰ ਤੇ ਚੰਡੀਗੜ੍ਹ ਤੋਂ ਯੂਏਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਸਮੇਤ ਪੰਜਾਬ ਤੇ ਯੂਏਈ ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਪੰਜਾਬ ਵਿਚ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਦੇ ਹਵਾਲੇ ਨਾਲ ਕਿਹਾ ਕਿ ਯੂਏਈ ਦੀਆਂ ਖੁਰਾਕ ਸੁਰੱਖਿਆ ਲੋੜਾਂ ਨੂੰ ਪੂਰਾ ਕਰਨ ਵਿੱਚ ਪੰਜਾਬ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਆਈਟੀ, ਲੌਜਿਸਟਿਕਸ, ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਸਹਿਯੋਗ ਦੀ ਸੰਭਾਵਨਾ ’ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਤੇ ਯੂਏਈ ਦੇ ਰਾਜਦੂਤ ਨੇ ਪੰਜਾਬ ਤੇ ਯੂਏਈ ਦੇ ਸ਼ਹਿਰਾਂ ਵਿਚਕਾਰ ਸਿੱਧੇ ਹਵਾਈ ਸੰਪਰਕ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ ਅਤੇ ਪੰਜਾਬ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।