ਊਭੀ ਬਣੇ ਮੰਡੀ ਅਹਿਮਦਗੜ੍ਹ ਮਾਰਕੀਟ ਕਮੇਟੀ ਦੇ ਚੇਅਰਮੈਨ
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 1 ਅਪਰੈਲ
ਇੱਥੋਂ ਦੀ ਮਾਰਕੀਟ ਕਮੇਟੀ ਦੇ ਨਵੇਂ ਚੁਣੇ ਗਏ ਚੇਅਰਮੈਨ ਕਮਲਜੀਤ ਸਿੰਘ ਊਭੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਮੂਹ ਖ਼ਰੀਦ ਏਜੰਸੀਆਂ ਅਤੇ ਕਮੇਟੀ ਦੇ ਕਰਮਚਾਰੀਆਂ ਨੂੰ ਕਿਹਾ ਕਿ ਅੱਜ ਤੋਂ ਰਸਮੀ ਤੌਰ ’ਤੇ ਸ਼ੁਰੂ ਹੋਈ ਕਣਕ ਦੀ ਖਰੀਦ ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਦਾਣਾ ਮੰਡੀ ਨੂੰ ਲਾਗਲੇ ਪਿੰਡਾਂ ਨਾਲ ਜੋੜਨ ਵਾਲੀਆਂ ਸੜਕਾਂ ਦੀ ਹਾਲਤ ਦਾ ਵੀ ਪਤਾ ਕੀਤਾ ਤਾਂ ਕਿ ਲੋੜ ਅਨੁਸਾਰ ਪਹਿਲ ਦੇ ਆਧਾਰ ’ਤੇ ਵਿਕਾਸ ਕੰਮ ਸ਼ੁਰੂ ਕਰਵਾਏ ਜਾ ਸਕਣ। ਇਸ ਤੋਂ ਪਹਿਲਾਂ ਪੁਰਾਣੀ ਦਾਣਾ ਮੰਡੀ ਵਿੱਚ ਕਰਵਾਏ ਗਏ ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਮਾਰਕੀਟ ਕਮੇਟੀ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਸਮਾਂ ਰਹਿੰਦੇ ਦਾਣਾ ਮੰਡੀਆਂ ਤੇ ਖਰੀਦ ਕੇਂਦਰਾਂ ਦੀ ਸਫਾਈ ਤੋਂ ਇਲਾਵਾ ਸਾਫ਼ ਪਾਣੀ, ਸਫ਼ਾਈ ਤੇ ਤਰਪਾਲਾਂ ਆਦਿ ਦਾ ਢੁੱਕਵਾਂ ਇੰਤਜ਼ਾਮ ਕੀਤਾ ਜਾਵੇ। ਸ੍ਰੀ ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ। ਇਸ ਮੌਕੇ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਆਗੂਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਚੇਅਰਮੈਨ ਊਭੀ ਦਾ ਸਨਮਾਨ ਕੀਤਾ ਗਿਆ।