ਵੱਖ-ਵੱਖ ਥਾਵਾਂ ’ਤੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਪੱਤਰ ਪ੍ਰੇਰਕ
ਦੇਵੀਗੜ੍ਹ, 30 ਜੁਲਾਈ
ਕੰਬੋਜ ਮਹਾਸਭਾ ਬਲਾਕ ਭੁਨਰਹੇੜੀ ਵੱਲੋਂ ਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਦੇਵੀਗੜ੍ਹ-ਪਟਿਆਲਾ ਰੋਡ ’ਤੇ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਹਰਿੰਦਰਪਾਲ ਸਿੰਘ ਹੈਰੀਮਾਨ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਮਦਨ ਲਾਲ ਜਲਾਲਪੁਰ ਆਦਿ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਕੰਬੋਜ ਮਹਾਸਭਾ ਵੱਲੋਂ ਆਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਬੁੱਤ ਕੋਲ ਬੂਟੇ ਵੀ ਲਾਏ ਗਏ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਥੇਬੰਦੀ ਦੇ ਸੈਂਕੜੇ ਕਾਰਕੁਨਾਂ ਨੇ ਸ਼ਹੀਦ ਦੇ ਬੁੱਤ ’ਤੇ ਸ਼ਰਧਾਂ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜਥੇਬੰਦੀਂ ਦੇ ਸੂਬਾ ਸਕੱਤਰ ਕਾਮਰੇਡ ਭੂਪ ਚੰਦ ਚੰਨੋ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸੁਨਾਮ ਨੇ ਭਾਈਵਾਲਤਾ ਦਾ ਸਾਂਝਾ ਸੁਨੇਹਾ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਰੱਖ ਕੇ ਦਿੱਤਾ ਸੀ ਜਿਸ ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕਰਕੇ ਦੇਸ਼ ਵਿੱਚ ਫਿਰਕੂ ਜ਼ਹਿਰ ਘੋਲਿਆ ਜਾ ਰਿਹਾ ਹੈ। ਇਸ ਮੌਕੇ ਕਾਮਰੇਡ ਹੰਗੀ ਖਾਂ, ਮੋਹਣ ਲਾਲ ਨਮੋਲ, ਜੋਗਿੰਦਰ ਸਿੰਘ ਬੱਧਨ ਤੇ ਗੁਰਮੀਤ ਸਿੰਘ ਨਮੋਲ ਆਦਿ ਹਾਜ਼ਰ ਸਨ।