For the best experience, open
https://m.punjabitribuneonline.com
on your mobile browser.
Advertisement

ਉਗਰਾਹਾਂ ਜਥੇਬੰਦੀ ਵੱਲੋਂ ਹਰਸਿਮਰਤ ਬਾਦਲ ਤੇ ਮੀਤ ਹੇਅਰ ਦੀ ਰਿਹਾਇਸ਼ ਨੇੜੇ ਧਰਨੇ

09:54 AM Jul 18, 2024 IST
ਉਗਰਾਹਾਂ ਜਥੇਬੰਦੀ ਵੱਲੋਂ ਹਰਸਿਮਰਤ ਬਾਦਲ ਤੇ ਮੀਤ ਹੇਅਰ ਦੀ ਰਿਹਾਇਸ਼ ਨੇੜੇ ਧਰਨੇ
ਬਰਨਾਲਾ ਵਿੱਚ ਮੀਤ ਹੇਅਰ ਦੀ ਰਿਹਾਇਸ਼ ਨੇੜੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਇਕਬਾਲ ਸਿੰਘ ਸ਼ਾਂਤ/ਪਰਸ਼ੋਤਮ ਬੱਲੀ
ਲੰਬੀ/ਬਰਨਾਲਾ, 17 ਜੁਲਾਈ
ਦਿੱਲੀ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਹਿੱਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਕਿਯੂ ਉਗਰਾਹਾਂ ਦੇ ਵਰਕਰਾਂ ਨੇ ਪਿੰਡ ਬਾਦਲ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਦੀ ਰਿਹਾਇਸ਼ ਨੇੜੇ ਧਰਨਾ ਦਿੱਤਾ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਦੇ ਨੁਮਾਇੰਦੇ ਵਜੋਂ ਪੁੱਜੇ ਸ਼੍ਰੋਮਣੀ ਅਕਾਲੀ ਦਲ ਪੀਏਸੀ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਨਵਾਲਾ ਨੇ ਕਿਸਾਨਾਂ ਕੋਲੋਂ ਮੰਗ ਪੱਤਰ ਹਾਸਲ ਕੀਤਾ। ਇਸ ਮੌਕੇ ਬਠਿੰਡਾ ਲੋਕ ਸਭਾ ਦੇ ਜ਼ਿਲ੍ਹਾ ਬਠਿੰਡਾ, ਮਾਨਸਾ ਤੇ ਮੁਕਤਸਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਧਰਨੇ ਵਿੱਚ ਹਿੱਸਾ ਲਿਆ। ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਬਠਿੰਡਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘੇਵਾਲਾ ਨੇ ਕਿਹਾ ਕਿ ਕਿਰਤੀ ਲੋਕ ਵਿਆਪਕ ਕਰਜ਼ੇ, ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਮਾਰ ਹੇਠ। ਭਾਰਤ ਵਿੱਚ ਹਰ ਰੋਜ਼ 31 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਗੰਭੀਰ ਖੇਤੀ ਸੰਕਟ, ਕਿਸਾਨਾਂ ਦੀਆਂ ਖੁਦਕੁਸ਼ੀਆਂ, ਪੇਂਡੂ ਤੋਂ ਸ਼ਹਿਰੀ ਸੰਕਟ ਪ੍ਰਵਾਸ, ਅਤੇ ਵਧ ਰਹੀ ਆਮਦਨ ਅਤੇ ਦੌਲਤ ਦੀ ਅਸਮਾਨਤਾ ਨੂੰ ਹੱਲ ਕਰਨ ਲਈ ਨੀਤੀਆਂ ਵਿੱਚ ਤਬਦੀਲੀ ਜ਼ਰੂਰੀ ਹੈ। ਉਨ੍ਹਾਂ ਸੰਸਦ ਮੈਂਬਰ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹਨ ਅਤੇ ਪ੍ਰਧਾਨ ਮੰਤਰੀ ਤੇ ਕੈਬਨਿਟ ’ਤੇ ਲਟਕਦੀਆਂ ਮੰਗਾਂ ’ਤੇ ਤੁਰੰਤ ਸਾਰਥਿਕ ਕਾਰਵਾਈ ਲਈ ਦਬਾਅ ਬਣਾਉਣ ਦੀ ਅਪੀਲ ਕੀਤੀ।
ਇਸੇ ਦੌਰਾਨ ਬਰਨਾਲਾ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਇਕਾਈਆਂ ਵੱਲੋਂ ਇੱਥੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਨੇੜੇ ਧਰਨਾ ਦਿੱਤਾ ਗਿਆ। ਉਪਰੰਤ ਕਿਸਾਨਾਂ ਨੇ ਕੇਂਦਰੀ ਹਕੂਮਤ ਦੇ ਨਾਂ ਮੀਤ ਹੇਅਰ ਦੇ ਪ੍ਰਤੀਨਿਧ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਜਿੱਥੇ ਕੇਂਦਰੀ ਮੋਦੀ ਸਰਕਾਰ ਤੇ ਸੂਬਾਈ ਸਰਕਾਰਾਂ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ ਉੱਥੇ ਮੰਗ ਕੀਤੀ ਕਿ ਅਸਹਿਮਤੀ ਦੇ ਜਮਹੂਰੀ ਹੱਕਾਂ ਤੇ ਲੋਕ ਪੱਖੀ ਆਵਾਜ਼ ਨੂੰ ਦਬਾਉਣ ਦੇ ਹਥਕੰਡੇ ਵਜੋਂ ਲਾਗੂ ਕੀਤੇ ਨਵੇਂ ਤਿੰਨੋਂ ਫੌਜਦਾਰੀ ਕਾਨੂੰਨ ਵਾਪਸ ਲਏ ਜਾਣ, ਜਲ਼, ਜ਼ਮੀਨ ਤੇ ਜੰਗਲ ਸਮੇਤ ਖਣਿਜਾਂ ਜਿਹੇ ਕੁਦਰਤੀ ਸਰੋਤਾਂ ਤੋਂ ਕਾਰਪੋਰੇਟਸ ਕੰਟਰੋਲ ਖ਼ਤਮ ਕੀਤਾ ਜਾਵੇ, ਮਗਨਰੇਗਾ ਤਹਿਤ 600 ਦਿਹਾੜੀ ਕੀਤੀ ਜਾਵੇ, ਲਾਹੇਵੰਦ ਭਾਅ ’ਤੇ ਸਾਰੀਆਂ ਜਿਣਸਾਂ ਦੀ ਮੁਕੰਮਲ ਖਰੀਦ ਸਬੰਧੀ ਕਾਨੂੰਨ, ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ, ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕਿੱਤਾ ਜਾਵੇ, ਕਿਸਾਨ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਤੋਂ 10 ਹਜ਼ਾਰ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×