ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵੱਲੋਂ ਪਹਿਲਗਾਮ ਹਮਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿਖੇਧੀ
ਸੰਯੁਕਤ ਰਾਸ਼ਟਰ, 26 ਅਪਰੈਲ
ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ (UNSC) ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਕੌਂਸਲ ਨੇ ਹਮਲੇ ਦੇ ਸਾਜ਼ਿਸ਼ਾਘਾੜਿਆਂ ਤੇ ਸਰਪ੍ਰਸਤਾਂ ਨੂੰ ‘ਅਤਿਵਾਦ ਦੀ ਇਸ ਘਿਣਾਉਣੀ ਤੇ ਨਿੰਦਨਯੋਗ ਕਾਰਵਾਈ’ ਲਈ ਜਵਾਬਦੇਹ ਬਣਾਉਣ ਤੇ ਨਿਆਂ ਦੇ ਕਟਹਿਰੇ ’ਚ ਖੜ੍ਹਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। 15 ਮੁਲਕਾਂ ਦੀ ਸ਼ਮੂਲੀਅਤ ਵਾਲੀ ਸਲਾਮੀ ਕੌਂਸਲ ਨੇ ਸ਼ੁੱਕਰਵਾਰ ਨੂੰ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਤਿਵਾਦ ਆਪਣੇ ਸਾਰੇ ਰੂਪਾਂ ਅਤੇ ਪ੍ਰਗਟਾਵੇ ਵਿੱਚ ਕੌਮਾਂਤਰੀ ਸ਼ਾਂਤੀ ਤੇ ਸੁਰੱਖਿਆ ਲਈ ਸਭ ਤੋਂ ਗੰਭੀਰ ਖਤਰਿਆਂ ਵਿੱਚੋਂ ਇੱਕ ਹੈ।
ਪ੍ਰੈੱਸ ਬਿਆਨ ਵਿਚ ਕਿਹਾ ਗਿਆ, ‘‘ਸਲਾਮਤੀ ਕੌਂਸਲ ਦੇ ਮੈਂਬਰਾਂ ਨੇ 22 ਅਪਰੈਲ ਨੂੰ ਜੰਮੂ-ਕਸ਼ਮੀਰ ਵਿੱਚ ਹੋਏ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ, ਜਿਸ ਦੌਰਾਨ ਘੱਟੋ-ਘੱਟ 26 ਲੋਕਾਂ ਦੀ ਜਾਨ ਜਾਂਦੀ ਰਹੀ ਸੀ ਤੇ ਕਈ ਹੋਰ ਜ਼ਖ਼ਮੀ ਹੋਏ ਸਨ।’’ ਦੱਸ ਦੇਈਏ ਕਿ ਪਾਕਿਸਤਾਨ ਇਸ ਵੇਲੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿੱਚ ਇੱਕ ਗੈਰ-ਸਥਾਈ ਮੈਂਬਰ ਹੈ।
ਯੂਐੱਨਐੱਸਸੀ ਮੈਂਬਰਾਂ ਨੇ ਪੀੜਤਾਂ ਦੇ ਪਰਿਵਾਰਾਂ ਅਤੇ ਭਾਰਤ ਅਤੇ ਨੇਪਾਲ ਦੀਆਂ ਸਰਕਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕੀਤੀ, ਅਤੇ ਜ਼ਖ਼ਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਅਤਿਵਾਦ ਦੇ ਇਸ ‘ਘਿਣਾਉਣੇ ਤੇ ਨਿੰਦਣਯੋਗ ਕੰਮ’ ਦੇ ਸਾਜ਼ਿਸ਼ਘਾੜਿਆਂ ਦੋਸ਼ੀਆਂ ਤੇ ਸਰਪ੍ਰਸਤਾਂ ਦੀ ਜਵਾਬਦੇਹੀ ਨਿਰਧਾਰਿਤ ਕਰਨ ਅਤੇ ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਖੜ੍ਹਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਸਲਾਮਤੀ ਕੌਂਸਲ ਨੇ ਜ਼ੋਰ ਦੇ ਕੇ ਕਿਹਾ ਕਿ ਕਤਲਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਨੇ ਜ਼ੋਰ ਦੇ ਕੇ ਕਿਹਾ ਕਿ ਕਤਲਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਮੁਲਕਾਂ ਨੂੰ ਅਪੀਲ ਕੀਤੀ ਕਿ ਉਹ ਕੌਮਾਂਤਰੀ ਕਾਨੂੰਨ ਅਤੇ ਕੌਂਸਲ ਦੇ ਸਬੰਧਤ ਮਤਿਆਂ ਅਧੀਨ ਆਪਣੀਆਂ ਜ਼ਿੰਮੇਵਾਰੀਆਂ ਮੁਤਾਬਕ ਸਾਰੇ ਸਬੰਧਤ ਅਧਿਕਾਰੀਆਂ ਨਾਲ ਸਰਗਰਮੀ ਨਾਲ ਸਹਿਯੋਗ ਕਰਨ। -ਪੀਟੀਆਈ