ਜਲੰਧਰ ’ਚ 195 ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ
ਪਾਲ ਸਿੰਘ ਨੌਲੀ
ਜਲੰਧਰ, 10 ਅਕਤੂਬਰ
ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਕੁੱਲ 195 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਹੀਆਂ ਖਾਸ ਬਲਾਕ ਵਿੱਚ ਸਭ ਤੋਂ ਵੱਧ 28 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਇਸੇ ਤਰ੍ਹਾਂ ਜਲੰਧਰ ਪੱਛਮੀ ਬਲਾਕ ਵਿੱਚ 25, ਫਿਲੌਰ ਵਿੱਚ 24, ਨਕੋਦਰ ਵਿੱਚ 20 ਪੰਚਾਇਤਾਂ ਦੀ ਸਰਬਸੰਮਤੀ ਨਾਲ ਚੋਣ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸ਼ਾਹਕੋਟ, ਭੋਗਪੁਰ, ਨੂਰਮਹਿਲ, ਰੁੜਕਾਂ ਕਲਾਂ, ਮਹਿਤਪੁਰ, ਆਦਮਪੁਰ ਅਤੇ ਜਲੰਧਰ ਪੂਰਬੀ ਬਲਾਕਾਂ ਵਿੱਚ ਵੀ ਕ੍ਰਮਵਾਰ 19, 17, 15, 14, 13, 11 ਅਤੇ 9 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਡਾ. ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਪੇਪਰ ਵਾਪਸ ਲੈਣ ਤੋਂ ਬਾਅਦ ਸਰਪੰਚ ਦੇ ਅਹੁਦੇ ਲਈ 1662 ਅਤੇ ਪੰਚ ਲਈ 5464 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਲਈ 1014 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ 691 ਗ੍ਰਾਮ ਪੰਚਾਇਤਾਂ ਵਿੱਚ ਚੋਣਾਂ ਹੋਣਗੀਆਂ, ਕਿਉਂਕਿ ਅਦਾਲਤ ਦੇ ਹੁਕਮਾਂ ਅਨੁਸਾਰ ਚਾਰ ਪਿੰਡਾਂ ’ਤੇ ਸਟੇਅ ਆਰਡਰ ਲਾਗੂ ਹੋਣਗੇ।
ਉਨ੍ਹਾਂ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਚੋਣਾਂ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਪੂਰੀ ਜ਼ਿੰਮੇਵਾਰੀ ਅਤੇ ਸੁਤੰਤਰਤਾ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਪੋਲਿੰਗ ਸਮਾਪਤ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਕੋਲੋਂ ਚੋਣਾਂ ਦੇ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਚੋਣਾਂ ਸਫਲਤਾਪੂਰਵਕ ਕਰਵਾਈਆਂ ਜਾ ਸਕਣ।