ਬੀਕੇਯੂ ਏਕਤਾ-ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਟੌਲ ਪਲਾਜ਼ਿਆਂ ’ਤੇ ਡਟੇ
ਐਨਪੀ ਧਵਨ
ਪਠਾਨਕੋਟ, 18 ਅਕਤੂਬਰ
ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਲਦਪਾਲਵਾਂ ਟੌਲ ਪਲਾਜ਼ਾ ’ਤੇ ਅੱਜ ਵੀ ਕਿਸਾਨਾਂ ਨੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿੱਚ ਦੂਜੇ ਦਿਨ ਟੌਲ ਮੁਫ਼ਤ ਕਰ ਕੇ ਧਰਨਾ ਦਿੱਤਾ। ਇਸ ਧਰਨੇ ਵਿੱਚ ਹਰਦੀਪ ਸਿੰਘ, ਗੁਰਮੁਖ ਸਿੰਘ ਖਹਿਰਾ, ਸਿਮਰਨਜੋਤ ਸਿੰਘ ਮੂਲੋਵਾਲ, ਦਵਿੰਦਰ ਕੌਰ, ਗੁਰਪ੍ਰਤਾਪ ਸਿੰਘ, ਰਜਿੰਦਰ ਸਿੰਘ, ਗੋਲਡੀ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਸਵਰਨ ਸਿੰਘ ਕਲੇਰ ਡੇਰਾ, ਅਵਤਾਰ ਸਿੰਘ, ਚਰਨਜੀਤ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਬਾਬਾ ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਖੂਨ ਪਸੀਨੇ ਨਾਲ ਪਾਲੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਰੋਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਸਣੇ ਹੋਰ ਮੰਗਾਂ ਜਦੋਂ ਤੱਕ ਪੂਰੀਆਂ ਨਹੀਂ ਹੁੰਦੀਆਂ ਤਦ ਤੱਕ ਇਹ ਧਰਨਾ ਜਾਰੀ ਰਹੇਗਾ।
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਮੰਗ ਲਈ ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਦੀ ਅਗਵਾਈ ਵਿੱਚ ਅੱਜ ਦੂਜੇ ਦਿਨ ਵੀ ਕਿਸਾਨਾਂ ਨੇ ਚੱਕ ਬਾਹਮਣੀਆਂ ਦੇ ਟੌਲ ਨੂੰ ਪਰਚੀ ਮੁਕਤ ਕੀਤਾ। ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਬਲਕਾਰ ਸਿੰਘ ਫਾਜਿਲਵਾਲ, ਜਸਪਾਲ ਸਿੰਘ ਸੰਢਾਂਵਾਲ, ਗੁਰਮੁਖ ਸਿੰਘ ਸਿੱਧੂ ਅਤੇ ਮਨਜੀਤ ਸਿੰਘ ਸਾਬੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਹਰ ਤਰ੍ਹਾਂ ਦੇ ਝੋਨੇ ਦੀ ਖ਼ਰੀਦ ਸਣੇ 22 ਫ਼ੀਸਦੀ ਨਮੀ ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਅਤੇ ਹੋਰ ਹੱਕੀ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਇਸ ਮੌਕੇ ਨਿਰਮਲ ਸਿੰਘ ਕਾਂਗਣਾ, ਮਨਵੀਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਗੁਰਦੇਵ ਸਿੰਘ ਮਲਸੀਆਂ, ਮੰਗਤ ਰਾਮ, ਬਲਵਿੰਦਰ ਸਿੰਘ, ਸਾਧੂ ਸਿੰਘ, ਗੁਰਮੀਤ ਸਿੰਘ ਅਤੇ ਅਮਨਦੀਪ ਸਿੰਘ ਹਾਜ਼ਰ ਸਨ।