ਐੱਸਐੱਸਪੀ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਅਕਤੂਬਰ
ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੀਆਂ ਵੱਖ-ਵੱਖ ਟੀਮਾਂ ਖੇਡਾਂ ਦੇ ਮੈਦਾਨ ਵਿਚ ਨੌਜਵਾਨਾਂ ਨਾਲ ਵਾਲੀਬਾਲ, ਕ੍ਰਿਕਟ, ਰੱਸਾਕਸ਼ੀ ਆਦਿ ਖੇਡਾਂ ਕਰਵਾ ਕੇ ਨਸ਼ਾ ਛੁਡਾਊ ਦਾ ਸੁਨੇਹਾ ਦੇ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਥਾਣਾ ਸ਼ਾਹਬਾਦ ਦੇ ਇੰਚਾਰਜ ਨਿਰਮਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਸ਼ਹਿਰ ਵਿੱਚ ਯੋਗਾ ਤੇ ਹੋਰ ਖੇਡਾਂ ਕਰਾਈਆਂ ਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਹਨੂੰਮਾਨ ਮੰਦਰ ਕੰਪਲੈਕਸ ਵਿਚ ਪੁਲੀਸ ਮੁਲਾਜ਼ਮਾਂ ਤੇ ਕਈ ਹੋਰ ਲੋਕਾਂ ਨੇ ਯੋਗ ਕੀਤਾ। ਥਾਣਾ ਇੰਚਾਰਜ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਤੇ ਇਲਾਕੇ ਦੇ ਨੌਜਵਾਨਾਂ ਨੂੰ ਆਪਣੇ ਘਰ, ਪਰਿਵਾਰ ਤੇ ਇਲਾਕੇ ਦੇ ਲੋਕਾਂ ਨੂੰ ਨਸ਼ਿਆਂ ਤੇ ਹਿੰਸਾ ਤੋਂ ਬਚਣ ਲਈ ਪ੍ਰੇਰਿਤ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਜੇ ਨਸ਼ੇ ਤੋਂ ਪੀੜਤ ਕੋਈ ਵਿਅਕਤੀ ਆਪਣਾ ਇਲਾਜ ਕਰਾਉਣਾ ਚਾਹੁੰਦਾ ਹੈ ਤਾਂ ਜ਼ਿਲ੍ਹਾ ਪੱਧਰ ’ਤੇ ਕੰਮ ਕਰ ਰਹੀਆਂ ਨਸ਼ਾ ਛੁਡਾਊ ਟੀਮਾਂ ਜਾਂ ਨਸ਼ਾ ਕੇਂਦਰਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਬਾਰੇ ਪੁਲੀਸ ਨੂੰ ਜਾਣਕਾਰੀ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਨਸ਼ਾ ਛੱਡਣ ਵਾਲੇ ਵਿਅਕਤੀ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।