ਪੁਲੀਸ ਵੱਲੋਂ ਕੇਂਦਰੀ ਤੇ ਨਾਭਾ ਜੇਲ੍ਹ ਦਾ ਅਚਨਚੇਤ ਦੌਰਾ
ਪੱਤਰ ਪ੍ਰੇਰਕ
ਪਟਿਆਲਾ, 26 ਜੁਲਾਈ
ਪਟਿਆਲਾ ਪੁਲੀਸ ਨੇ ਜੇਲ੍ਹ ਵਿਭਾਗ ਨਾਲ ਮਿਲ ਕੇ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਵੀਂ ਜੇਲ੍ਹ ਨਾਭਾ ਦਾ ਅਚਨਚੇਤ ਨਿਰੀਖਣ ਕੀਤਾ। ਇਥੇ ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਆ ਰਹੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐੱਸਪੀ ਸਿਟੀ ਮੁਹੰਮਦ ਸਰਫ਼ਰਾਜ ਆਲਮ ਦੀ ਨਿਗਰਾਨੀ ਹੇਠ ਪਟਿਆਲਾ ਪੁਲੀਸ ਦੇ ਕਰੀਬ 250 ਮੁਲਾਜ਼ਮਾਂ ਤੋਂ ਇਲਾਵਾ ਜੇਲ੍ਹ ਮੁਲਾਜ਼ਮਾਂ ਦੀ ਸਾਂਝੀ ਮਸ਼ਕ ਕਰ ਕੇ ਦੋਵਾਂ ਜੇਲ੍ਹਾਂ ਦਾ ਨਿਰੀਖਣ ਕੀਤਾ ਗਿਆ। ਐੱਸਐੱਸਪੀ ਸ਼ਰਮਾ ਨੇ ਕਿਹਾ ਕਿ ਇਸ ਚੈਕਿੰਗ ਦਾ ਮਕਸਦ ਜੇਲ੍ਹਾਂ ਵਿੱਚ ਮਾੜੇ ਅਨਸਰਾਂ ਨੂੰ ਇਹ ਸਖ਼ਤ ਸੁਨੇਹਾ ਦੇਣਾ ਹੈ ਕਿ ਪੁਲੀਸ ਪੂਰੀ ਮੁਸਤੈਦ ਹੈ ਅਤੇ ਉਨ੍ਹਾਂ ਦੀ ਹਰੇਕ ਗਤੀਵਿਧੀ ਉਪਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਇਸ ਸਮੇਂ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਅਤੇ ਨਾਭਾ ਜੇਲ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਦੇ ਸਹਿਯੋਗ ਨਾਲ ਹਰੇਕ ਬੈਰਕ ਦੀ ਪੂਰੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।
ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜੇਲ੍ਹਾਂ ਦਾ ਨਿਰੀਖਣ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੁਪਿੰਦਰਜੀਤ ਚਾਹਲ ਨੇ ਚੀਫ਼ ਜੁਡੀਸ਼ਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਟਿਆਲਾ ਮਾਨੀ ਅਰੋੜਾ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਏਅਰ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਰੁਪਿੰਦਰਜੀਤ ਚਾਹਲ ਨੇ ਖੁਦ ਜੇਲ੍ਹਾਂ ਦੀਆਂ ਬੈਰਕਾਂ ਦਾ ਦੌਰਾ ਕੀਤਾ। ਕੈਦੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੇ ਯਤਨ ਵਿੱਚ ਜੱਜ ਨੇ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟਾਂ ਦੇ ਨਾਲ-ਨਾਲ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਕੈਦੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ’ਤੇ ਜ਼ੋਰ ਦਿੱਤਾ ਗਿਆ।