ਵਿਧਾਇਕ ਵੱਲੋਂ ਮੰਡ ਪੰਧੇਰ ਦੇ ਹਸਪਤਾਲ ਦਾ ਅਚਨਚੇਤ ਦੌਰਾ
ਪੱਤਰ ਪ੍ਰੇਰਕ
ਦਸੂਹਾ, 20 ਜੁਲਾਈ
ਇਥੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਪੀਐੱਚਸੀ ਮੰਡ ਪੰਧੇਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਸ੍ਰੀ ਘੁੰਮਣ ਨੇ ਜਿਥੇ ਹਸਪਤਾਲ ਅੰਦਰ ਮਰੀਜ਼ਾਂ ਦੇ ਇਲਾਜ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਹੀ ਉਨਾਂ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਤੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਐੱਸਐੱਮਓ ਡਾ. ਐੱਸਪੀ ਸਿੰਘ ਨੇ ਵਿਧਾਇਕ ਨੂੰ ਵੱਖ‘ਵੱਖ ਵਾਰਡਾਂ ਦੇ ਪ੍ਰਬੰਧਾਂ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਘੁੰਮਣ ਨੇ ਹਸਪਤਾਲ ਦੇ ਸਟਾਫ ਨੂੰ ਡਿਊਟੀ ਦੌਰਾਨ ਕੁਤਾਹੀ ਨਾ ਵਰਤਨ ਦੀਆਂ ਹਦਾਇਤਾਂ ਜਾਰੀ ਕਰਦਿਆ ਆਖਿਆ ਕਿ ਉਹ ਹਸਪਤਾਲ ਨੂੰ ਹੋਰ ਅੱਪਗ੍ਰੇਡ ਕਰਵਾਉਣ ਲਈ ਯੋਗ ਉਪਰਾਲੇ ਕਰਨਗੇ। ਇਸ ਮੌਕੇ ਉਨ੍ਹਾਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਗੱਲ ਵੀ ਆਖੀ। ਇਸ ਮੌਕੇ ਹਸਪਤਾਲ ਸਟਾਫ਼ ਹਾਜ਼ਰ ਸੀ।
ਕੈਂਪ ਵਿੱਚ ਵਿਧਾਇਕ ਤੇ ਏਡੀਸੀ ਨੇ ਸ਼ਿਕਾਇਤਾਂ ਸੁਣੀਆਂ
ਦਸੂਹਾ: ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋ ਨੇੜਲੇ ਪਿੰਡ ਸੰਘਵਾਲ-ਸੰਸਾਰਪੁਰ ਵਿੱਚ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਹਲਕੇ ਦੇ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜਿਹੜੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕੀਤੀਅਆਂ ਗਈਆਂ। ਇਸ ਦੌਰਾਨ ਐੱਸਡੀਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਈਓ ਕਮਲਜਿੰਦਰ ਸਿੰਘ, ਡੀਐੱਸਪੀ ਜਗਦੀਸ਼ ਰਾਜ ਅੱਤਰੀ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਸਣੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।