ਕੇਂਦਰੀ ਸਿੱਖਿਆ ਮੰਤਰੀ ਪ੍ਰਧਾਨ ਨੇ ਰਾਜਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ
ਨਵੀਂ ਦਿੱਲੀ, 9 ਜੁਲਾਈ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਮੰਗਲਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੀ ਸਮੀਖਿਆ ਮੀਟਿੰਗ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਨੇ ਪੂਰੇ ਭਾਰਤ ਵਿੱਚ ਸਕੂਲੀ ਸਿੱਖਿਆ ਦੇ ਸਰਵਪੱਖੀ ਵਿਕਾਸ ਲਈ ਅਗਲੇ ਪੰਜ ਸਾਲਾਂ ਲਈ ਰੋਡਮੈਪ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਦੇ ਵਿਜ਼ਨ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੰਦਾ ਹਾਂ ।
ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ ਦੇ ਲਗਭਗ ਚਾਰ ਸਾਲਾਂ ਦੌਰਾਨ ਦੇਸ਼ ਵਿੱਚ ਸਿੱਖਿਆ ਪ੍ਰਣਾਲੀ ਨੇ ਬਹੁਤ ਤਰੱਕੀ ਕੀਤੀ ਹੈ। ਐੱਨਈਪੀ ਨੂੰ ਲਾਗੂ ਕਰਨਾ ਭਾਰਤ ਨੂੰ ਇੱਕ ਗਿਆਨ ਮਹਾਂਸ਼ਕਤੀ ਵਿੱਚ ਬਦਲਣ ਅਤੇ ਮਿਆਰੀ ਸਿੱਖਿਆ ਤੱਕ ਬਰਾਬਰ, ਸੰਮਲਿਤ ਪਹੁੰਚ ਨੂੰ ਸਮਰੱਥ ਬਣਾਉਣ ਦੀ ਕੁੰਜੀ ਹੈ।
ਭਾਰਤੀ ਭਾਸ਼ਾਵਾਂ ਵਿੱਚ ਸਿੱਖਿਆ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ 2020 ਮਾਤ ਭਾਸ਼ਾ ਸਮੇਤ ਸਾਰੀਆਂ ਭਾਰਤੀ ਭਾਸ਼ਾਵਾਂ ਵਿੱਚ ਸਿੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦੀ ਹੈ। ਉਨ੍ਹਾਂ ਸਿੱਖਿਆ ਲਈ ਪਹੁੰਚ, ਬਰਾਬਰੀ, ਗੁਣਵੱਤਾ, ਸਮਰੱਥਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਤੇ ਜੋਰ ਦਿੱਤਾ। -ਏਐੱਨਆਈ