ਅਧਿਆਪਕ ਮਸਲਿਆਂ ਲਈ ਡਾਇਰੈਕਟਰ ਨੂੰ ਮਿਲੇ ਯੂਨੀਅਨ ਦੇ ਨੁਮਾਇੰਦੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ
ਯੂਟੀ ਕੇਡਰ ਐਜੂਕੇਸ਼ਨਲ ਐਂਪਲਾਈਜ਼ ਯੂਨੀਅਨ ਨੇ ਅਧਿਆਪਕਾਂ ਦੇ ਮਸਲਿਆਂ ਲਈ ਪ੍ਰਧਾਨ ਸਵਰਣ ਸਿੰਘ ਕੰਬੋਜ ਦੀ ਅਗਵਾਈ ਹੇਠ ਡਾਇਰੈਕਟਰ ਸਕੂਲ ਸਿੱਖਿਆ ਹਰਸੁਹਿੰਦਰਪਾਲ ਸਿੰਘ ਬਰਾੜ ਨਾਲ ਮੁਲਾਕਾਤ ਕੀਤੀ। ਉਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਜਲਦ ਮੰਨਣ ਦੀ ਅਪੀਲ ਕੀਤੀ।
ਸ੍ਰੀ ਕੰਬੋਜ ਨੇ ਡਾਇਰੈਕਟਰ ਨੂੰ ਕਿਹਾ ਕਿ ਜਿਸ ਤਰ੍ਹਾਂ 10 1 ਅਤੇ 10 2 ਜਮਾਤਾਂ ਨੂੰ ਪੜ੍ਹਾਉਣ ਵਾਲੇ ਪਾਰਟ ਟਾਈਮ ਵੋਕੇਸ਼ਨਲ ਅਧਿਆਪਕਾਂ ਦੀ ਤਨਖ਼ਾਹ ’ਚ ਵਾਧਾ ਕੀਤਾ ਗਿਆ ਹੈ, ਉਸੇ ਤਰਜ਼ ’ਤੇ ਨੌਵੀਂ ਅਤੇ ਦਸਵੀਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਪਾਰਟ ਟਾਈਮ ਵੋਕੇਸ਼ਨਲ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ ਵੀ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਬੀਟੀ ਤੋਂ ਟੀਜਟੀ, ਟੀਜੀਟੀ ਤੋਂ ਲੈਕਚਰਾਰ ਦੀ ਤਰੱਕੀ ਵੀ ਜਲਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵੇਲੇ ਕਈ ਸਕੂਲਾਂ ਵਿੱਚ ਕਾਰਜਕਾਰੀ ਪ੍ਰਿੰਸੀਪਲ ਨਿਯੁਕਤ ਹਨ ਤੇ ਉਨ੍ਹਾਂ ਨੂੰ ਡੀਪੀਸੀ ਕਰ ਕੇ ਨਿਯਮਤ ਪ੍ਰਿੰਸੀਪਲ ਬਣਾਇਆ ਜਾਣਾ ਚਾਹੀਦਾ ਹੈ। ਡਾਇਰੈਕਟਰ ਸਕੂਲ ਸਿੱਖਿਆ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਹੀ ਹੱਲ ਕਰ ਦਿੱਤੀਆਂ ਜਾਣਗੀਆਂ।