ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਅਰਥੀਆਂ ਸਾੜਨ ਦਾ ਐਲਾਨ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਫਰਵਰੀ
ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਫਰਵਰੀ ਨੂੰ ‘ਵਿਸ਼ਵ ਵਪਾਰ ਸੰਸਥਾ ਛੱਡੋ’ ਦਿਵਸ ਵਜੋਂ ਮਨਾਉਣ ਦੇ ਦਿੱਤੇ ਸੱਦੇ ਨੂੰ ਵਧੀਆ ਢੰਗ ਲਾਗੂ ਕਰਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਇੱਥੇ ਮਾਰਕੀਟ ਕਮੇਟੀ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਡੀਟੀਐਫ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਡੀਐਮਐਫ ਦੇ ਆਗੂ ਕੁਲਵੰਤ ਸਿੰਘ ਖਨੌਰੀ ਨੇ ਦੱਸਿਆ ਕਿ 26 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭਵਾਨੀਗੜ੍ਹ ਵਿਖੇ ਕੌਮੀ ਮਾਰਗ ਉਪਰ ਦਿੱਲੀ ਵੱਲ ਮੂੰਹ ਕਰ ਕੇ ਇਕ ਪਾਸੇ ਟਰੈਕਟਰ ਖੜ੍ਹੇ ਕੀਤੇ ਜਾਣਗੇ ਅਤੇ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਦਬਾਅ ਬਣਾਉਣ ਲਈ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਮਨੋਰਥ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ। ਮੀਟਿੰਗ ਵਿੱਚ ਕਿਸਾਨ ਆਗੂ ਜਸਪਾਲ ਸਿੰਘ ਘਰਾਚੋਂ, ਬਲਜਿੰਦਰ ਸਿੰਘ ਸੰਘਰੇੜੀ, ਦਰਬਾਰਾ ਸਿੰਘ ਨਾਗਰਾ,ਕਰਮ ਸਿੰਘ ਬਲਿਆਲ,ਚਮਕੌਰ ਸਿੰਘ ਭੱਟੀਵਾਲ, ਮੱਖਣ ਸਿੰਘ, ਬੁੱਧ ਸਿੰਘ, ਕਰਮਜੀਤ ਸਿੰਘ ਨਦਾਮਪੁਰ,ਕਸ਼ਮੀਰ ਸਿੰਘ ਘਰਾਚੋਂ, ਮਹਿੰਦਰ ਸਿੰਘ ਮਾਝੀ, ਕੁਲਤਾਰ ਸਿੰਘ, ਗੁਰਮੀਤ ਸਿੰਘ, ਅਤੇ ਗੋਬਿੰਦਰ ਸਿੰਘ ਆਦਿ ਹਾਜ਼ਰ ਸਨ।