ਲੋਕਾਂ ਨੂੰ ਇਕਜੁੱਟ ਕਰਨਾ ਨਵੀਂ ਸਰਕਾਰ ਦੀ ਹੋਵੇਗੀ ਤਰਜੀਹ: ਫਾਰੂਕ ਅਬਦੁੱਲਾ
ਸ੍ਰੀਨਗਰ, 12 ਅਕਤੂਬਰ
ਨੈਸ਼ਨਲ ਕਾਨਫਰੰਸ (ਐਨਸੀ) ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੰਮੂ-ਕਸ਼ਮੀਰ ਵਿਚ ਨਵੀਂ ਸਰਕਾਰ ਦੀ ਪਹਿਲੀ ਤਰਜੀਹ ਯੂਟੀਜ਼ ਦੇ ਲੋਕਾਂ ਨੂੰ ਇਕਜੁੱਟ ਕਰਨਾ ਹੋਵੇਗਾ। ਉਨ੍ਹਾਂ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਵੱਖ ਵੱਖ ਸਿਆਸੀ ਧਿਰਾਂ ਦਰਮਿਆਨ ਪੈਦਾ ਹੋਈ ਨਫ਼ਰਤ ਨੂੰ ਦੂਰ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨਾ ਨਵੀਂ ਸਰਕਾਰ ਦੇ ਏਜੰਡੇ ’ਤੇ ਹੋਵੇਗਾ। ਉਨ੍ਹਾਂ ਇੱਥੇ ਦਸਹਿਰਾ ਸਮਾਗਮ ਵਿਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਸਾਡੀ ਪਹਿਲੀ ਤਰਜੀਹ ਜੰਮੂ-ਕਸ਼ਮੀਰ ਵਾਸੀਆਂ ਨੂੰ ਇਕਜੁੱਟ ਕਰਨਾ ਅਤੇ ਹਾਲੀਆ ਚੋਣ ’ਚ ਪੈਦਾ ਹੋਈ ਨਫਰਤ ਨੂੰ ਦੂਰ ਕਰਨਾ ਹੋਵੇਗਾ।’ ਜ਼ਿਕਰਯੋਗ ਹੈ ਕਿ ਐਨਸੀ-ਕਾਂਗਰਸ ਗਠਜੋੜ ਨੇ ਚੋਣਾਂ ਵਿੱਚ ਸਪਸ਼ਟ ਬਹੁਮਤ ਹਾਸਲ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਆਮ ਆਦਮੀ ਪਾਰਟੀ (ਆਪ) ਅਤੇ ਕਈ ਆਜ਼ਾਦ ਵਿਧਾਇਕਾਂ ਨੇ ਇਸ ਗੱਠਜੋੜ ਨੂੰ ਸਮਰਥਨ ਦਿੱਤਾ ਹੈ। ਇਸ ਤੋਂ ਇਕ ਦਿਨ ਪਹਿਲਾਂ ਮਨੋਨੀਤ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਦਿਆਂ ਸਹੁੰ ਚੁੱਕ ਸਮਾਗਮ ਦੀ ਤਰੀਕ ਜਲਦੀ ਤੈਅ ਕਰਨ ਦੀ ਅਪੀਲ ਕੀਤੀ ਸੀ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਗਸਤ 2019 ਵਿੱਚ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ ਜਿਸ ਤਹਿਤ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਸਨ। ਪੀਟੀਆਈ