For the best experience, open
https://m.punjabitribuneonline.com
on your mobile browser.
Advertisement

ਯੂਨੀਵਰਸਿਟੀ ਸਟਾਫ਼ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

08:35 AM Mar 22, 2024 IST
ਯੂਨੀਵਰਸਿਟੀ ਸਟਾਫ਼ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ
ਚੰਡੀਗੜ੍ਹ ਵਿੱਚ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਰਮਚਾਰੀ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 21 ਮਾਰਚ
ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੀ ਗਈ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਸਟਾਫ਼ ਵੱਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਕੜੀ ਵਜੋਂ ਅੱਜ ਇੱਥੇ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਡਾ. ਕੁਲਭੂਸ਼ਨ ਅਗਨੀਹੋਤਰੀ ਪ੍ਰਧਾਨ ਇੰਜਨੀਅਰਿੰਗ ਕਾਲਜ ਟੀਚਰਜ਼ ਐਸੋਸੀਏਸ਼ਨ, ਡਾ. ਰਾਕੇਸ਼ ਕੁਮਾਰ ਸਕੱਤਰ ਐੱਸਬੀਐੱਸਐੱਸਯੂ, ਗੁਰਪ੍ਰੀਤ ਸਿੰਘ ਪ੍ਰਧਾਨ, ਸਤਿੰਦਰ ਸ਼ਰਮਾ ਸਕੱਤਰ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਐੱਸਬੀਐੱਸਐੱਸਯੂ, ਇੰਜ. ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਗੁਰਵਿੰਦਰ ਸਿੰਘ ਚੰਡੀਗੜ੍ਹ, ਦਪਿੰਦਰਦੀਪ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਛੇ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਸਮੂਹ ਸਟਾਫ਼ ਨੇ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ।
ਯੂਨੀਵਰਸਿਟੀ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਸਟਾਫ਼ ਪਿਛਲੇ 6 ਮਹੀਨੇ ਤੋਂ ਤਨਖਾਹਾਂ ਬਗੈਰ ਕੰਮ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦੀ ਸਾਲਾਨਾ ਗਰਾਂਟ 15 ਕਰੋੜ ਤੋਂ ਵਧਾ ਕੇ 30 ਕਰੋੜ ਕਰਨ ਦਾ ਐਲਾਨ ਕੀਤਾ ਸੀ, ਪਰ ਇਹ ਗਰਾਂਟ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਪਹਿਲਾਂ ਵੀ ਕਲਮ ਛੋੜ ਹੜਤਾਲ ’ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਨਵ-ਨਿਯੁਕਤ ਵਾਈਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਮਿੱਤਲ ਨੇ 15 ਦਿਨ ਦਾ ਸਮਾਂ ਮੰਗਿਆ ਸੀ ਪਰ 20 ਦਿਨ ਬੀਤ ਜਾਣ ’ਤੇ ਵੀ ਮਸਲਾ ਹੱਲ ਨਾ ਹੋਇਆ। ਇਸ ਲਈ ਸਮੂਹ ਸਟਾਫ਼ 14 ਮਾਰਚ ਤੋਂ ਮੁੜ ਕਲਮ ਛੋੜ ਹੜਤਾਲ ‘ਤੇ ਚੱਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇ ਗਰਾਂਟ ਜਲਦੀ ਜਾਰੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×