ਉਨਾਓ ਜਬਰ-ਜਨਾਹ: ਅਦਾਲਤ ਨੇ ਸੁਰੱਖਿਆ ਵਾਪਸ ਲੈਣ ਦੀ ਪਟੀਸ਼ਨ ’ਤੇ ਪੀੜਤਾ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 24 ਸਤੰਬਰ
ਸੁਪਰੀਮ ਕੋਰਟ ਨੇ ਅੱਜ ਕੇਂਦਰ ਦੀ ਉਸ ਪਟੀਸ਼ਨ ’ਤੇ 2017 ਦੇ ਉਨਾਓ ਜਬਰ-ਜਨਾਹ ਮਾਮਲੇ ਦੀ ਪੀੜਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਜਵਾਬ ਮੰਗਿਆ ਹੈ, ਜਿਸ ਵਿੱਚ 2019 ’ਚ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਦਿੱਤੀ ਗਈ ਸੀਆਰਪੀਐੱਫ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਭਾਜਪਾ ’ਚੋਂ ਬਰਖਾਸਤ ਆਗੂ ਕੁਲਦੀਪ ਸਿੰਘ ਸੇਂਗਰ 2017 ਵਿੱਚ ਉੱਤਰ ਪ੍ਰਦੇਸ਼ ਦੇ ਉਨਾਓ ਖੇਤਰ ਵਿੱਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਪੀੜਤਾ ਅਤੇ ਹੋਰਾਂ ਦੀ ਜਾਨ ਨੂੰ ਖਤਰੇ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਪਹਿਲੀ ਅਗਸਤ 2019 ਨੂੰ ਨਿਰਦੇਸ਼ ਦਿੱਤਾ ਸੀ ਕਿ ਜਬਰ-ਜਨਾਹ ਪੀੜਤਾ, ਉਸ ਦੀ ਮਾਤਾ, ਹੋਰ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਵਕੀਲ ਨੂੰ ਸੀਆਰਪੀਐੱਫ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਕੇਂਦਰ ਦੀ ਪਟੀਸ਼ਨ ਦੀਆਂ ਕਾਪੀਆਂ ਪੀੜਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਦੇਣ ਲਈ ਕਿਹਾ ਹੈ। ਬੈਂਚ ਨੇ ਇਹ ਵੀ ਕਿਹਾ ਕਿ ਸ਼ਾਇਦ ਹੀ ਹੁਣ ਕਿਸੇ ਖਤਰੇ ਦੀ ਸੰਭਾਵਨਾ ਹੈ, ਇਸ ਲਈ ਉਹ ਕੇਸ ਨੂੰ ਬੰਦ ਕਰਨਾ ਚਾਹੁਣਗੇ। ਕੇਂਦਰ ਦੇ ਵਕੀਲ ਨੇ ਕਿਹਾ ਕਿ ਪੀੜਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। -ਪੀਟੀਆਈ