ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਹੰਗਾਮਾ
ਆਤਿਸ਼ ਗੁਪਤਾ
ਚੰਡੀਗੜ੍ਹ, 13 ਮਾਰਚ
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਪੰਜਵੇਂ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ’ਤੇ ਆਪਣੇ ਵਿਚਾਰ ਰੱਖੇ। ਵਿਧਾਨ ਸਭਾ ਵਿੱਚ ਜਿਵੇਂ ਹੀ ਮੁੱਖ ਮੰਤਰੀ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਉਨ੍ਹਾਂ ਆਪਣੀ ਸਰਕਾਰ ਦੇ ਸੋਹਲੇ ਗਾਉਂਦਿਆਂ ਕਾਂਗਰਸੀ ਵਿਧਾਇਕਾਂ ’ਤੇ ਤਿੱਖੇ ਹਮਲੇ ਕੀਤੇ। ਮੁੱਖ ਮੰਤਰੀ ਦੀਆਂ ਟਿੱਪਣੀਆਂ ਦਾ ਕਾਂਗਰਸੀ ਵਿਧਾਇਕਾਂ ਨੇ ਵਿਰੋਧ ਕੀਤਾ। ਇਸ ਦੌਰਾਨ ਵਿਧਾਨ ਸਭਾ ਵਿੱਚ ਹੰਗਾਮਾ ਹੋ ਗਿਆ, ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਦੀ ਸੀਟ ’ਤੇ ਪਹੁੰਚ ਕੇ ਵਿਰੋਧ ਪ੍ਰਗਟਾਇਆ, ਮਗਰੋਂ ਉਨ੍ਹਾਂ ਸੈਸ਼ਨ ਵਿੱਚੋਂ ਵਾਕ ਆਊਟ ਕੀਤਾ। ਵਾਕ ਆਊਟ ਮਗਰੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਹੋਰਨਾਂ ਕਾਂਗਰਸੀ ਵਿਧਾਇਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਭਾਸ਼ਣ ਦੌਰਾਨ ਰਾਜਪਾਲ ਦੇ ਭਾਸ਼ਣ ਬਾਰੇ ਵਿਚਾਰ ਰੱਖਣ ਦੀ ਥਾਂ ਹੋਰ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਭਾਸ਼ਣ ਸੱਚ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ, ਹਸਪਤਾਲਾਂ ਵਿੱਚ ਡਾਕਟਰ ਨਹੀਂ ਹਨ।
ਸੂਬੇ ਵਿੱਚ ਭ੍ਰਿਸ਼ਟਾਚਾਰ ਤੇ ਨਸ਼ਿਆਂ ਦਾ ਬੋਲਬਾਲਾ ਹੈ। ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਭਾਜਪਾ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋ ਰਹੇ। ਇਸ ਦੇ ਬਾਵਜੂਦ ਭਾਜਪਾ ਵੱਲੋਂ ਆਪਣੀ ਸਰਕਾਰ ਦੇ ਸੋਹਲੇ ਗਾਏ ਜਾ ਰਹੇ ਹਨ। ਉਧਰ, ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕੰਮਾਂ ਕਾਰਨ ਹੀ ਸੂਬਾ ਵਾਸੀਆਂ ਭਾਰਤੀ ਜਨਤਾ ਪਾਰਟੀ ਨੂੰ ਤੀਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਕਾਂਗਰਸ ਦੇ ਕਾਰਜਕਾਲ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਿਰਫ਼ ਸੱਤਾਧਾਰੀ ਧਿਰ ’ਤੇ ਦੋਸ਼ ਲਗਾਉਣੇ ਆਉਂਦੇ ਹਨ, ਉਨ੍ਹਾਂ ਵਿੱਚ ਸਹਿਣਸ਼ੀਲਤਾ ਨਹੀਂ ਹੈ, ਜਦੋਂਕਿ ਵਿਰੋਧੀ ਧਿਰ ਨੂੰ ਆਪਣੀ ਕਮੀਆਂ ਬਾਰੇ ਜਾਨਣਾ ਚਾਹੀਦਾ ਹੈ।