ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ਨੇ ਤੀਜੀ ਵਾਰ ਮੁੜ ਹੱਥਕੜੀਆਂ ਲਾ ਕੇ ਵਤਨ ਭੇਜੇ ਭਾਰਤੀ ਨਾਗਰਿਕ

07:33 AM Feb 18, 2025 IST
featuredImage featuredImage
ਜੰਡਿਆਲਾ ਦਾ ਜਸਨੂਰ ਸਿੰਘ ਹੱਡਬੀਤੀ ਦੱਸਦਾ ਹੋਇਆ। -ਫੋਟੋ: ਸਿਮਰਤਪਾਲ ਸਿੰਘ ਬੇਦੀ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਫਰਵਰੀ
ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਡਿਪੋਰਟ ਕਰਨ ਦੀ ਨੀਤੀ ਤਹਿਤ ਹੁਣ ਤੱਕ 333 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਲੰਘੀ ਰਾਤ ਅਮਰੀਕਾ ਤੋਂ ਵਾਪਸ ਭੇਜੇ 112 ਭਾਰਤੀਆਂ ਨੂੰ ਪਹਿਲਾਂ ਵਾਂਗ ਹੀ ਹੱਥਕੜੀਆਂ ਲਾ ਕੇ ਅਤੇ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਰਵਾ ਕੇ ਵਤਨ ਭੇਜਿਆ ਗਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਹੀ ਨੰਗੇ ਸਿਰ ਆਏ ਸਿੱਖ ਵਿਅਕਤੀਆਂ ਵਾਸਤੇ ਦਸਤਾਰਾਂ ਦਾ ਪ੍ਰਬੰਧ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਲਗਪਗ 50 ਛੋਟੀਆਂ ਦਸਤਾਰਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਸਨ, ਜਿਨ੍ਹਾਂ ’ਚੋਂ 25 ਦਸਤਾਰਾਂ ਕੱਲ੍ਹ ਡਿਪੋਰਟ ਕੀਤੇ ਸਿੱਖ ਵਿਅਕਤੀਆਂ ਨੂੰ ਦਿੱਤੀਆਂ ਗਈਆਂ। ਸਿੱਖ ਸੰਸਥਾ ਨੇ ਹਵਾਈ ਅੱਡੇ ’ਤੇ ਲੰਗਰ ਅਤੇ ਵਾਹਨਾਂ ਦਾ ਵੀ ਪ੍ਰਬੰਧ ਕੀਤਾ ਸੀ। ਇਸ ਮੌਕੇ ਇੱਕ ਉੱਚ ਪੁਲੀਸ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਕੱਲ੍ਹ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਪਹਿਲਾਂ ਵਾਂਗ ਹੀ ਹੱਥ ਪੈਰ ਬੰਨ੍ਹ ਕੇ ਭੇਜਿਆ ਗਿਆ ਹੈ। ਰਾਤ ਅਮਰੀਕੀ ਹਵਾਈ ਫੌਜ ਦਾ ਵਿਸ਼ੇਸ਼ ਜਹਾਜ਼ ਭਾਵੇਂ ਲਗਪਗ 10 ਵਜੇ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਉਤਰ ਗਿਆ ਸੀ ਪਰ ਪਹਿਲਾਂ ਵਾਂਗ ਹੀ ਡਿਪੋਰਟ ਕੀਤੇ ਨਾਗਰਿਕਾਂ ਨੂੰ ਤੜਕੇ ਲਗਪਗ ਸਾਢੇ ਚਾਰ ਵਜੇ ਵੱਖ ਵੱਖ ਵਾਹਨਾਂ ਵਿੱਚ ਬਿਠਾ ਕੇ ਘਰ ਭੇਜਿਆ ਗਿਆ। ਤੀਜੀ ਵਾਰ ਡਿਪੋਰਟ ਕੀਤੇ ਗਏ ਇਨ੍ਹਾਂ ਵਿਅਕਤੀਆਂ ਨੂੰ ਮਿਲਣ ਜਾਂ ਹਾਲ-ਚਾਲ ਪੁੱਛਣ ਵਾਸਤੇ ਸਰਕਾਰ ਦਾ ਕੋਈ ਵੀ ਮੰਤਰੀ ਨਹੀਂ ਪਹੁੰਚਿਆ।
ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀਆਂ ਦੇ ਬਾਰੇ ਕਿਹਾ ਕਿ ਅਮਰੀਕਾ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ ਪਰ ਇਸ ਮਾਮਲੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਵਾਪਸ ਭੇਜੇ ਵਿਅਕਤੀਆਂ ਨੇ ਇਹ ਦੱਸਿਆ ਸੀ ਕਿ ਜਹਾਜ਼ ਵਿੱਚ ਚੜ੍ਹਨ ਮੌਕੇ ਅਮਰੀਕਾ ਦੀ ਪੁਲੀਸ ਨੇ ਉਨ੍ਹਾਂ ਦੀਆਂ ਦਸਤਾਰਾਂ ਉਤਰਵਾ ਲਈਆਂ ਸਨ, ਹੱਥਕੜੀਆਂ ਤੇ ਬੇੜੀਆਂ ਵਿੱਚ ਜਕੜ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਵੱਲੋਂ ਇਨ੍ਹਾਂ ਵਿਅਕਤੀਆਂ ’ਤੇ ਗੈਰ ਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਦੀ ਵਿਦੇਸ਼ ਨੀਤੀ ਫੇਲ੍ਹ ਸਾਬਤ ਹੋਈ ਹੈ।

Advertisement

ਸਿੱਖ ਨੌਜਵਾਨਾਂ ਨੂੰ ਦਸਤਾਰ ਨਾ ਸਜਾਉਣ ਦੇਣਾ ਮੰਦਭਾਗਾ: ਕੁਲਤਾਰ ਸੰਧਵਾਂ

ਚੰਡੀਗੜ੍ਹ (ਟਨਸ): 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰ-ਮਨੁੱਖੀ ਵਿਹਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ ਹੀ ਮੰਦਭਾਗੀ ਹੈ ਅਤੇ ਭਾਰਤੀਆਂ ਦੇ ਹੱਥਕੜੀਆਂ ਤੇ ਲੱਤਾਂ ’ਚ ਬੇੜੀਆਂ ਪਾਉਣਾ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਨਿਗੁੂਣੀਆਂ ਨੌਕਰੀਆਂ ਕਰਨ ਲਈ 50 ਲੱਖ ਰੁਪਏ ਤੱਕ ਦੀ ਆਪਣੀ ਮਿਹਨਤ ਦੀ ਕਮਾਈ ਖਰਚ ਕਰਨ ਤੇ ਆਪਣੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਪਾ ਕੇ ਪੰਜਾਬ ਨੂੰ ਛੱਡਣਾ ਕੋਈ ਸਿਆਣਪ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਲੈ ਕੇ ਦੇਸ਼ ਵਿੱਚ ਬਿਹਤਰ ਜੀਵਨ ਬਤੀਤ ਕਰ ਸਕਦੇ ਹਨ।

Advertisement

ਨੌਜਵਾਨਾਂ ਨੂੰ ਲੁੱਟਣ ਵਾਲੇ ਏਜੰਟਾਂ ਖ਼ਿਲਾਫ਼ ਕਾਰਵਾਈ ਦੀ ਲੋੜ: ਚੰਨੀ

ਮੋਰਿੰਡਾ (ਸੰਜੀਵ ਤੇਜਪਾਲ):

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅਮਰੀਕਾ ਤੋਂ ਗੈਰ ਮਨੁੱਖੀ ਢੰਗ ਨਾਲ ਡਿਪੋਰਟ ਕੀਤੇ ਗਏ ਪੰਜਾਬੀ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਇਨ੍ਹਾਂ ਨੌਜਵਾਨਾਂ ਦੀ ਲੁੱਟ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ ਉਥੇ ਹੀ ਪੰਜਾਬ ਸਰਕਾਰ ਨੂੰ ਇਨ੍ਹਾਂ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਅੱਗੇ ਆਉਣਾ ਚਾਹੀਦਾ ਹੈ। ਚਰਨਜੀਤ ਚੰਨੀ ਅੱਜ ਮੋਰਿੰਡਾ ਸਥਿਤ ਆਪਣੀ ਰਿਹਾਇਸ਼ ’ਤੇ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਗੱਲਬਾਤ ਕਰ ਰਹੇ ਸਨ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਅਮਰੀਕੀ ਯਾਤਰਾ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਮੁਲਾਕਾਤ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਡਿਪੋਰਟ ਕਰਨ ਦਾ ਮੁੱਦਾ ਉਠਾਉਣ ਤੋਂ ਅਸਫਲ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਤੋਂ ਅਸਫਲ ਸਿੱਧ ਹੋਈ ਹੈ। ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਹੱਲਾ ਬੋਲਦਿਆਂ ਸ੍ਰੀ ਚੰਨੀ ਨੇ ਪੰਜਾਬ ਸਰਕਾਰ ਨੂੰ ਹਾਰ ਫਰੰਟ ’ਤੇ ਫੇਲ੍ਹ ਅਤੇ ‘ਆਪ’ ਆਗੂਆਂ ਨੂੰ ਮੌਕਾ ਪ੍ਰਸਤ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਹੋਰਨਾਂ ਆਗੂਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਵੱਲੋਂ ਪੰਜਾਬ ਦੀ ਲੁੱਟ ਖਸੁੱਟ ਕਰ ਕੇ ਸੂਬੇ ਦੇ ਸਰਮਾਏ ਨੂੰ ਦਿੱਲੀ ਲਿਜਾਇਆ ਜਾ ਰਿਹਾ ਹੈ।

Advertisement