ਯੂਟੀ ਨੇ ਮੈਟਰੋ ਬਾਰੇ ਕੇਂਦਰ ਨੂੰ ਨਹੀਂ ਭੇਜਿਆ ਪ੍ਰਸਤਾਵ: ਸਾਹੂ
ਆਤਿਸ਼ ਗੁਪਤਾ
ਚੰਡੀਗੜ੍ਹ, 8 ਅਗਸਤ
ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚੋਂ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਯੂਟੀ ਪ੍ਰਸ਼ਾਸਨ ਵੱਲੋਂ ਟ੍ਰਾਈਸਿਟੀ ਵਿੱਚ ਮੈਟਰੋ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਰ ਹਾਲੇ ਤੱਕ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਕੋਲ ਪ੍ਰਾਜੈਕਟ ਬਾਰੇ ਕੋਈ ਪ੍ਰਸਤਾਵ ਨਹੀਂ ਭੇਜਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਲੋਕ ਸਭਾ ਵਿੱਚ ਹੋਇਆ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਪ੍ਰਸ਼ਨ ਕਰਦਿਆਂ ਪੁੱਛਿਆ ਕਿ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਬਾਰੇ ਕੀ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਮੈਟਰੋ ਪ੍ਰਾਜੈਕਟ ਲਈ ਕਿੰਨਾ ਬਜਟ ਪਾਸ ਕੀਤਾ ਗਿਆ ਹੈ। ਇਸ ਦੇ ਜਵਾਬ ਵਿੱਚ ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਨੇ ਕਿਹਾ ਕਿ ‘ਮੌਜੂਦਾ ਸਮੇਂ ਵਿੱਚ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਦਾ ਕੋਈ ਪ੍ਰਸਤਾਵ ਯੂਟੀ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਕੋਲ ਨਹੀਂ ਭੇਜਿਆ ਹੈ।’ ਸ੍ਰੀ ਸਾਹੂ ਨੇ ਕਿਹਾ ਕਿ ਸ਼ਹਿਰੀ ਯੋਜਨਾਬੰਦੀ ਰਾਜ ਦਾ ਵਿਸ਼ਾ ਹੈ। ਇਸ ਲਈ ਸਬੰਧਤ ਰਾਜ ਸਰਕਾਰਾਂ ਜਾਂ ਯੂਟੀ ਪ੍ਰਸ਼ਾਸਨ ਸ਼ਹਿਰੀ ਆਵਾਜਾਈ ਦੇ ਬੁਨਿਆਦੀ ਢਾਂਚੇ ਦੀ ਯੋਜਨਾਬੰਦ ਲਈ ਕੰਮ ਦੀ ਸ਼ੁਰੂਆਤ ਕਰਨਾ ਤੇ ਵਿਕਾਸ ਲਈ ਜ਼ਿੰਮੇਵਾਰ ਹਨ।
ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਕਿ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸਿਜ਼ (ਰਾਈਟਸ) ਨੇ ਹਾਲ ਹੀ ਵਿੱਚ ਯੂਟੀ ਪ੍ਰਸ਼ਾਸਨ ਨੂੰ ਆਵਾਜਾਈ ਸਮੱਸਿਆ ਦੇ ਹੱਲ ਲਈ ਟ੍ਰਾਈਸਿਟੀ ਵਿੱਚ ਮੈਟਰੋ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਮੈਟਰੋ ਸ਼ੁਰੂ ਕਰਨ ਲਈ ਪ੍ਰਾਜੈਕਟ ਦੀ ਡਿਟੇਲ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ, ਜੋ ਕੇਂਦਰ ਸਰਕਾਰ ਨੂੰ ਮਨਜ਼ੂਰੀ ਲਈ ਭੇਜੀ ਜਾਵੇਗੀ।