ਯੂਟੀ ਆਬਕਾਰੀ ਵਿਭਾਗ ਸ਼ਰਾਬ ਤਸਕਰੀ ਰੋਕਣ ਲਈ ਚੌਕਸ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਚੰਡੀਗੜ੍ਹ ਪ੍ਰਸ਼ਾਸਨ ਦਾ ਕਰ ਅਤੇ ਆਬਕਾਰੀ ਵਿਭਾਗ ਅੰਤਰ-ਰਾਜੀ ਸ਼ਰਾਬ ਤਸਕਰੀ ਰੋਕਣ ਲਈ ਚੌਕਸ ਹੋ ਗਿਆ ਹੈ। ਵਿਭਾਗ ਵੱਲੋਂ ਸ਼ਰਾਬ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਚੰਡੀਗੜ੍ਹ ਦੇ ਕਰ ਤੇ ਆਬਕਾਰੀ ਵਿਭਾਗ ਦੇ ਸਕੱਤਰ ਅਜੈ ਚਗਤੀ ਨੇ ਸਮੂਹ ਅਧਿਕਾਰੀਆਂ ਤੇ ਸ਼ਰਾਬ ਕਾਰੋਬਾਰੀਆਂ ਨਾਲ ਮੀਟਿੰਗ ਕਰ ਕੇ ਸ਼ਰਾਬ ਦੇ ਸਟਾਕ ਦਾ ਰਿਕਾਰਡ ਰੱਖਣ ਅਤੇ ਟਰੈਕ ਐਂਡ ਟਰੇਸ ਸਿਸਟਮ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਦੇਸ਼ਾਂ ਦੀ ਉਲੰਘਣਾ ਕਰਨ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਚਗਤੀ ਨੇ ਸ਼ਰਾਬ ਕਾਰੋਬਾਰੀਆਂ ਨੂੰ ਚੰਡੀਗੜ੍ਹ ਵਿੱਚ ਵਿਕਣ ਵਾਲੀ ਸ਼ਰਾਬ ਲਈ ਟਰੈਕ ਐਂਡ ਟਰੇਸ ਸਿਸਟਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਠੇਕਿਆਂ ਦੇ ਮਾਲਕਾਂ ਨੂੰ ਵੀ ਸਮੇਂ-ਸਮੇਂ ’ਤੇ ਸ਼ਰਾਬ ਦੀਆਂ ਬੋਤਲਾਂ ਤੇ ਕਿਊ-ਆਰ ਕੋਡ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੱਤਰ ਕਰ ਤੇ ਆਬਕਾਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸ਼ਰਾਬ ਦੇ ਬੋਟਲਿੰਗ ਪਲਾਂਟ ਤੇ ਸ਼ਰਾਬ ਦੇ ਠੇਕਿਆਂ ਦੇ ਰਿਕਾਰਡ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅੰਤਰ-ਰਾਜੀ ਸ਼ਰਾਬ ਦੀ ਤਸਕਰੀ ਨਹੀਂ ਕਰਨ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਅੰਤਰ-ਰਾਜੀ ਸ਼ਰਾਬ ਤਸਕਰੀ ਦੇ ਕਈ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ ਵਿਰੁੱਧ ਪੁਲੀਸ ਨੇ ਬਣਦੀ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲੀਸ ਨੇ 9 ਨਵੰਬਰ ਨੂੰ 200 ਬੋਤਲਾਂ ਸ਼ਰਾਬ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਸੀ। ਇਹ ਦੋਵੇਂ ਵਿਅਕਤੀ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਜਾ ਰਹੇ ਸਨ। ਇਸੇ ਤਰ੍ਹਾਂ 12 ਨਵੰਬਰ ਨੂੰ ਚੰਡੀਗੜ੍ਹ ਪੁਲੀਸ ਨੇ ਹਿਮਾਚਲ ਪ੍ਰਦੇਸ਼ ਜਾ ਰਹੀ ਗੱਡੀ ਵਿੱਚੋਂ 200 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਪਹਿਲਾਂ 27 ਅਕਤੂਬਰ ਨੂੰ ਰੂਪਨਗਰ ਦੇ ਆਬਕਾਰੀ ਵਿਭਾਗ ਨੇ ਲਗਪਗ 5 ਲੱਖ ਰੁਪਏ ਦੀ ਅੰਗਰੇਜ਼ੀ ਸ਼ਰਾਬ ਦੀਆਂ 175 ਪੇਟੀਆਂ ਜ਼ਬਤ ਕੀਤੀਆਂ ਗਈਆਂ ਸਨ, ਜੋ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕਰਨ ਲਈ ਲਿਜਾਈ ਜਾ ਰਹੀ ਸੀ।
ਦੱਸਣਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ ਟਰੈਕ ਐਂਡ ਟਰੇਸ ਸਿਸਟਮ ਲਾਗੂ ਕੀਤਾ ਸੀ। ਇਸ ਤਹਿਤ ਸ਼ਰਾਬ ਦੀਆਂ ਸਾਰੀਆਂ ਬੋਤਲਾਂ ’ਤੇ ਵੱਖਰਾ ਨੰਬਰ ਲਗਾਇਆ ਗਿਆ ਸੀ। ਇਸ ਕਿਊਆਰ ਰੋਡ ਨੂੰ ਸਕੈਨ ਕਰਨ ਨਾਲ ਸ਼ਰਾਬ ਨੂੰ ਤਿਆਰ ਕਰਨ ਦਾ ਸਮਾਂ, ਸਥਾਨ ਤੇ ਸਪਲਾਈ ਕਰਨ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।