Uttarakhand Bus Accident: ਬੱਸ ਖੱਡ ਵਿਚ ਡਿੱਗਣ ਕਾਰਨ 36 ਦੀ ਮੌਤ
ਦੇਹਰਾਦੂਨ, 4 ਨਵੰਬਰ
Uttarakhand Bus Accident: ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇਕ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਆਲੋਕ ਕੁਮਾਰ ਪਾਂਡੇ ਨੇ ਦੱਸਿਆ ਕਿ ਬੱਸ ਗੜ੍ਹਵਾਲ ਤੋਂ ਕੁਮਾਉਂ ਜਾ ਰਹੀ ਸੀ, ਅਲਮੋੜਾ ਦੇ ਮਰਕੁਲਾ ਵਿੱਚ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਹੁਣ ਤੱਕ 36 ਮੌਤਾਂ ਹੋ ਚੁੱਕੀਆਂ ਹਨ। ਪਾਂਡੇ ਨੇ ਕਿਹਾ ਕਿ ਬੱਸ ਦੇ 200 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਵੇਲੇ ਉਸ ਵਿੱਚ 60 ਦੇ ਕਰੀਬ ਸਵਾਰੀਆਂ ਸਨ।
ਉਨ੍ਹਾਂ ਦੱਸਿਆ ਕਿ ਹਾਦਸਾ ਐਨਾ ਭਿਆਨਕ ਸੀ ਕਿ 22 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਐਸਡੀਆਰਐਫ ਦੇ ਕਰਮਚਾਰੀ ਖੋਜ ਅਤੇ ਬਚਾਅ ਮੁਹਿੰਮ ਸ਼ੁਰੂ ਕਰਨ ਲਈ ਮੌਕੇ ’ਤੇ ਪਹੁੰਚ ਗਏ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ’ਚ ਜਾਨੀ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਐਕਸ ’ਤੇ ਕਿਹਾ ਕਿ ਅਲਮੋੜਾ ਜ਼ਿਲ੍ਹੇ ਦੇ ਮਾਰਕੁਲਾ ਵਿੱਚ ਵਾਪਰੇ ਮੰਦਭਾਗੇ ਬੱਸ ਹਾਦਸੇ ਵਿੱਚ ਯਾਤਰੀਆਂ ਦੇ ਮਾਰੇ ਜਾਣ ਦੀ ਬਹੁਤ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਕ ਅਧਿਕਾਰਤ ਬਿਆਨ ਅਨੁਸਾਰ ਧਾਮੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਵੱਲੋਂ ਪੀੜਤਾਂ ਲਈ ਨਕਦ ਸਹਾਇਤਾ ਦਾ ਐਲਾਨ
ਭਿਆਨਕ ਹਾਦਸਾ ਸਾਹਮਣੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਸੰਭਵ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਦੇਣ ਦਾ ਐਲਾਨ ਕੀਤਾ ਹੈ।
ਰਾਹਤ ਕਾਰਜ ਮੌਕੇ ਦੀ ਵੀਡੀਓ:-
VIDEO | A passenger bus fell into a gorge near Ramnagar, Uttarakhand early morning today. Several casualties feared. More details awaited.
(Full video available on PTI Videos - https://t.co/n147TvrpG7) pic.twitter.com/pS7Ct8NhWI
— Press Trust of India (@PTI_News) November 4, 2024
ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਅਤੇ ਐਸਡੀਆਰਐਫ ਜ਼ਖਮੀਆਂ ਨੂੰ ਕੱਢਣ ਅਤੇ ਇਲਾਜ ਲਈ ਉਨ੍ਹਾਂ ਨੂੰ ਨਜ਼ਦੀਕੀ ਸਿਹਤ ਕੇਂਦਰ ਲਿਜਾਣ ਲਈ ਤੇਜ਼ੀ ਨਾਲ ਕੰਮ ਕਰ ਰਹੇ ਹਨ, ਲੋੜ ਪੈਣ ’ਤੇ ਗੰਭੀਰ ਜ਼ਖਮੀ ਯਾਤਰੀਆਂ ਨੂੰ ਏਅਰਲਿਫਟ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। -ਪੀਟੀਆਈ