ਸਕੂਲ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਜਲਦੀ ਭਰਾਂਗੇ: ਈਟੀਓ
ਪੱਤਰ ਪ੍ਰੇਰਕ
ਫਤਿਹਗੜ੍ਹ ਪੰਜਤੂਰ, 4 ਅਗਸਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਚਾਨਕ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਹੋਰ ਹਾਜ਼ਰ ਸਨ। ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸੂਬਾ ਸਰਕਾਰ ਨੇ ਸਾਢੇ 12 ਹਜ਼ਾਰ ਤੋਂ ਵਧੇਰੇ ਅਧਿਆਪਕਾਂ ਨੂੰ ਇੱਕੋ ਸਮੇਂ ਪੱਕਾ ਕੀਤਾ ਹੋਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਰੁਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ। ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਕਰਕੇ ਹੀ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਨ੍ਹਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾਵੇਗੀ।