For the best experience, open
https://m.punjabitribuneonline.com
on your mobile browser.
Advertisement

ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ 'ਚ 25 ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ: ਖੁੱਡੀਆਂ

03:33 PM Feb 07, 2024 IST
ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ  ਚ 25 ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ  ਖੁੱਡੀਆਂ
Advertisement

ਚੰਡੀਗੜ੍ਹ, 7 ਫਰਵਰੀ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਬੂਸਟਰ ਡੋਜ਼ ਵਜੋਂ ਲਗਾਈ ਜਾਵੇਗੀ। ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।

Advertisement

Advertisement

ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਧੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਏਸੀਐੱਸ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ। ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸਐੱਸ ਰੰਧਾਵਾ, ਐੱਚਓਡੀ ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐੱਮਐੱਸ ਬੱਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇਐੱਸ ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਹਾਜ਼ਰ ਸਨ।

Advertisement
Author Image

Advertisement