ਵਲਟੋਹਾ ਵੱਲੋਂ ਆਪਣੇ ਖ਼ਿਲਾਫ਼ ਕੀਤੀ ਕਾਰਵਾਈ ਮੁੜ ਵਿਚਾਰਨ ਲਈ ਜਥੇਦਾਰ ਨੂੰ ਮੰਗ ਪੱਤਰ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਮਈ
ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਨਾਮ ਇੱਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ 15 ਅਕਤੂਬਰ ਨੂੰ ਉਨ੍ਹਾਂ ਖਿਲਾਫ ਕੀਤੀ ਗਈ ਕਾਰਵਾਈ ’ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਕੋਲੋਂ ਅਣਜਾਣੇ ਵਿੱਚ ਭੁੱਲ ਚੁੱਕ ਹੋ ਗਈ ਹੋਵੇ ਤਾਂ ਖਿਮਾ ਕੀਤਾ ਜਾਵੇ। ਇਹ ਪੱਤਰ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪਿਆ ਹੈ। ਉਸ ਤੋਂ ਪਹਿਲਾਂ ਉਨ੍ਹਾਂ ਅਕਾਲ ਤਖਤ ਵਿਖੇ ਮੱਥਾ ਵੀ ਟੇਕਿਆ।
ਅਕਾਲ ਤਖਤ ਦੇ ਜਥੇਦਾਰ ਦੇ ਨਾਂ ਸੌਂਪੇ ਗਏ ਪੱਤਰ ਵਿੱਚ ਉਨ੍ਹਾਂ ਅਪੀਲ ਕੀਤੀ ਹੈ ਕਿ ਉਹ ਗੁਰੂ ਘਰ ਨੂੰ ਸਮਰਪਿਤ ਸਿੱਖ ਹਨ ਅਤੇ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਨੂੰ ਸਮਰਪਿਤ ਰਹੇ ਹਨ, ਇਸ ਕਰ ਕੇ ਉਨ੍ਹਾਂ ਦੇ ਇਸ ਮਾਮਲੇ ਨੂੰ ਮੁੜ ਵਿਚਾਰਿਆ ਜਾਵੇ ਅਤੇ ਜੇਕਰ ਲੋੜ ਮਹਿਸੂਸ ਕੀਤੀ ਜਾਂਦੀ ਹੈ ਤਾਂ ਉਹ ਆਪਣਾ ਪੱਖ ਵੀ ਦੁਬਾਰਾ ਰੱਖਣ ਲਈ ਤਿਆਰ ਹਨ।
ਸ਼੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅਕਾਲੀ ਆਗੂ ਵਲਟੋਹਾ ਨੂੰ 10 ਸਾਲ ਲਈ ਪਾਰਟੀ ਤੋਂ ਬਾਹਰ ਕਰਨ ਦੇ ਆਦੇਸ਼ ਕੀਤੇ ਗਏ ਸਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਮੁਢਲੀ ਮੈਂਬਰਸ਼ਿਪ ਵੀ ਖਤਮ ਕਰ ਦਿੱਤੀ ਗਈ ਸੀ। ਅਕਾਲੀ ਆਗੂ ਖਿਲਾਫ ਇਹ ਕਾਰਵਾਈ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਆਦਿ ਵੱਲੋਂ ਕੀਤੀ ਗਈ ਸੀ। ਸ੍ਰੀ ਵਲਟੋਹਾ ਵੱਲੋਂ ਆਪਣਾ ਮਾਮਲਾ ਮੁੜ ਵਿਚਾਰਨ ਦੀ ਅਪੀਲ ਉਸ ਵੇਲੇ ਕੀਤੀ ਗਈ ਹੈ ਜਦੋਂ ਸ੍ਰੀ ਅਕਾਲ ਤਖਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕੇ ਦਾ ਹੌਕਾ ਦਿੱਤਾ ਗਿਆ ਹੈ ਅਤੇ ਸਾਰਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਵੀ ਪੰਥ ਵਿੱਚ ਸ਼ਾਮਿਲ ਕੀਤਾ ਹੈ ਅਤੇ ਬੀਤੇ ਕੱਲ੍ਹ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੂੰ ਵੀ ਮਿਲ ਕੇ ਆਏ ਹਨ।