ਵੱਖ-ਵੱਖ ਆਗੂਆਂ ਨੇ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ ਕੀਤੀ
ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਦਸੰਬਰ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੰਪਲੈਕਸ ਵਿੱਚ ਸੇਵਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ, ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸੀਨੀਅਰ ਅਕਾਲੀ ਆਗੂ ਤਰਸੇਮ ਸਿੰਘ ਰੱਤੀਆ ਮੈਂਬਰ ਐੱਸਜੀਪੀਸੀ ਨੇ ਨਿਖੇਧੀ ਕੀਤੀ ਹੈ। ਦੂਜੇ ਪਾਸੇ, ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਹਮਲਾ ਕਰਨ ਵਾਲੇ ਨੂੰ ਪੰਥ ’ਚੋਂ ਛੇਕਣ ਦੀ ਮੰਗ ਕੀਤੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਕੋਈ ਵੀ ਸੱਚਾ ਸਿੱਖ ਗੁਰੂ ਘਰ ਦੇ ਅੰਦਰ ਅਜਿਹੀ ਘਟੀਆ ਅਤੇ ਕਾਇਰਤਾ ਭਰੀ ਕਾਰਵਾਈ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਉੱਥੇ ਮੌਜੂਦ ਸੁਰੱਖਿਆ ਕਰਮੀ ਜਸਬੀਰ ਸਿੰਘ ਨੇ ਆਪਣੀ ਜਾਨ ਖਤਰੇ ਵਿੱਚ ਪਾ ਕੇ ਹਮਲਾਵਰ ਦੇ ਨਾਪਾਕ ਇਰਾਦੇ ਨੂੰ ਨਾਕਾਮ ਕਰ ਦਿੱਤਾ ਜੋ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਗੰਭੀਰਤਾ ਨਾਲ ਜਾਂਚ ਕਰ ਕੇ ਇਸ ਵਰਤਾਰੇ ਪਿਛਲੇ ਲੋਕਾਂ ਨੂੰ ਸਾਹਮਣੇ ਲਿਆਉਂਦਾ ਜਾਵੇ। ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਘਟਨਾ ਦਾ ਸਖ਼ਤ ਨੋਟਿਸ ਲੈਣ ਦੀ ਅਪੀਲ ਕਰਦਿਆਂ ਆਖਿਆ ਕਿ ਹਮਲਾਵਰ ਨੂੰ ਸਿੱਖ ਪੰਥ ’ਚੋਂ ਛੇਕਿਆ ਜਾਵੇ।
ਬਠਿੰਡਾ (ਪੱਤਰ ਪ੍ਰੇਰਕ):
ਜ਼ਿਲ੍ਹੇ ਦੇ ਸਮੂਹ ਅਕਾਲੀ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ, ਬਠਿੰਡਾ ਹਲਕਾ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਗੁਰਦੌਰ ਸਿੰਘ ਸੰਧੂ, ਸੁਖਰਾਜ ਸਿੰਘ ਸੇਖੋਂ, ਉਂਕਾਰ ਸਿੰਘ ਬਰਾੜ ਤੇ ਜਗਤਾਰ ਸਿੰਘ ਤਾਰਾ ਬਰਾੜ ਨੇ ਕਿਹਾ ਕਿ ਉਹ ਨਫ਼ਰਤ ਅਤੇ ਹਿੰਸਾ ਦੀ ਨਿਖੇਧੀ ਕਰਦੇ ਹਨ।
ਸ਼ਹਿਣਾ (ਪੱਤਰ ਪ੍ਰੇਰਕ):
ਕਸਬਾ ਸ਼ਹਿਣਾ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਵੱਲੋਂ ਪਹਿਰੇਦਾਰ ਦੀ ਲਾਈ ਗਈ ਸੇਵਾ ਕਰ ਰਹੇ ਇੱਕ ਸੇਵਾਦਾਰ ’ਤੇ ਹੋਇਆ ਹੈ।
ਭਾਰਤੀ ਪੱਤੋ ਵੱਲੋਂ ਪੁਲੀਸ ਅਧਿਕਾਰੀ ਨੂੰ ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ):
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਵੱਲੋਂ ਲਾਈ ਗਈ ਸਜ਼ਾ ਭੁਗਤ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹੇ ਸੁਖਬੀਰ ਬਾਦਲ ਉੱਪਰ ਕਾਤਲਾਨਾ ਹਮਲਾ ਕਰਨ ਵਾਲੇ ਵਿਅਕਤੀ ਨੂੰ ਦਬੋਚਣ ਵਾਲੇ ਪੁਲੀਸ ਅਧਿਕਾਰੀ ਨੂੰ ਨਿਹਾਲ ਸਿੰਘ ਵਾਲਾ ਦੇ ਅਕਾਲੀ ਆਗੂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਇੱਕ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਹਮਲਾਵਰ ਨੂੰ ਦਬੋਚਣ ਵਾਲੇ ਸਹਾਇਕ ਥਾਣੇਦਾਰ ਦਾ ਸਨਮਾਨ ਕੀਤਾ ਜਾਵੇਗਾ ਅਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੁਖਬੀਰ ਬਾਦਲ ਉਪਰ ਹੋਏ ਕਾਤਲਾਨਾ ਹਮਲੇ ਦੀ ਖ਼ਬਰ ਸੁਣਦਿਆਂ ਹੀ ਤੁਰੰਤ ਆਪਣੇ ਪਿੰਡ ਪੱਤੋ ਹੀਰਾ ਸਿੰਘ ਤੋਂ ਅੰਮ੍ਰਿਤਸਰ ਜਾ ਕੇ ਸ੍ਰੀ ਬਾਦਲ ਨੂੰ ਮਿਲ ਕੇ ਆਏ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਇੱਥੇ ਦੱਸਿਆ ਕਿ ਸੁਖਬੀਰ ਬਾਦਲ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਕਰ ਕੇ ਕਥਿਤ ਦੋਸ਼ੀਆਂ ਨੂੰ ਵੀ ਕਾਬੂ ਕੀਤਾ ਜਾਵੇ।