ਵੀਸੀ ਵੱਲੋਂ ਉਚੇਰੀ ਸਿੱਖਿਆ ਨੂੰ ਰੁਜ਼ਗਾਰਮੁਖੀ ਬਣਾਉਣ ’ਤੇ ਜ਼ੋਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਜਨਵਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਕਿਹਾ,‘ਉਚੇਰੀ ਸਿੱਖਿਆ ਨੂੰ ਰੁਜ਼ਗਾਰਮੁਖੀ ਬਣਾ ਕੇ ਹੀ ਅਸੀਂ ਆਪਣੇ ਵਿਦਿਆਰਥੀਆਂ ਨੂੰ ਨੌਕਰੀ ਲੈਣ ਜਾਂ ਦੇਣ ਦੇ ਕਾਬਿਲ ਬਣਾ ਸਕਦੇ ਹਾਂ।’ ਉਹ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੈਨੇਟ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਨੇ ਸੈਨੇਟ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਵੱਲੋਂ ‘ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏਆਈ’ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ’ਚ ਸਥਾਪਤ ਹੋਣ ਵਾਲੇ ਇਸ ਸੈਂਟਰ ਨਾਲ ਨੈਤਿਕ ਕਦਰਾਂ ਕੀਮਤਾਂ ’ਤੇ ਪਹਿਰਾ ਦੇਣਾ ਆਸਾਨ ਹੋਵੇਗਾ। ਉਨ੍ਹਾਂ ਸਿੱਖਿਆ ਨੂੰ ਰੁਜ਼ਗਾਰ ਯੋਗਤਾ ਨਾਲ ਸਿੱਧਾ ਜੋੜਿਆ ਅਤੇ ਆਨਲਾਈਨ ਸਿੱਖਿਆ ਨੂੰ ਵਧੇਰੇ ਵਿਹਾਰਕ ਅਤੇ ਐਪਲੀਕੇਸ਼ਨ-ਕੇਂਦ੍ਰਿਤ ਬਣਾਉਣਾ ਸਮੇਂ ਦੀ ਲੋੜ ਦੱਸਿਆ। ਉਨ੍ਹਾਂ ਵਿਸ਼ਵੀਕਰਨ ਵਾਲੇ ਯੁੱਗ ਵਿੱਚ ਪੰਜਾਬੀ ਭਾਸ਼ਾ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਅਤੇ ਯੂਨੀਵਰਸਿਟੀ ਨੂੰ ਹੁਨਰ-ਅਧਾਰਤ ਸਿੱਖਿਆ, ਖੋਜ, ਨਵੀਨਤਾ ਅਤੇ ਸਭ ਨੁੰ ਨਾਲ ਲੈ ਕੇ ਚੱਲਣ ਵਾਲੀ ਨੀਤੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਨੂੰ ਉਚੇਰੀ ਸਿੱਖਿਆ ਦੀ ਹੱਬ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਸੈਨੇਟ ਮੈਂਬਰ ਨੂੰ ਅਪੀਲ ਕੀਤੀ ਕਿ ਬਦਲਦੇ ਸਮੇਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਉਹ ਆਪਣੇ ਸੁਝਾਅ ਦੇਣ। ਸੈਨੇਟ ਮੈਂਬਰਾਂ ਨੇ ਯੂਨੀਵਰਸਿਟੀ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣ ਦੇ ਲਈ ਆਪਣਾ ਸਹਿਯੋਗ ਦੇਣ ਦਾ ਵਾਅਦਾ ਕੀਤਾ।