ਗਿੱਦੜਬਾਹਾ ’ਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ ਵੈਟਰਨਰੀ ਡਾਕਟਰ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 5 ਨਵੰਬਰ
ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੇ ਗਿੱਦੜਬਾਹਾ ਜ਼ਿਮਨੀ ਚੋਣ ਮੌਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਵੈਟਰਨਰੀ ਡਾਕਟਰਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਵੈਟਰਨਰੀ ਡਾਕਟਰਾਂ ਦੀ ਪੇਅ-ਪੈਰਿਟੀ ਸਮੱਸਿਆ ਦੇ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ ਵਾਰ-ਵਾਰ ਐਨ ਮੌਕੇ ਮੀਟਿੰਗਾਂ ਰੱਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ 10 ਨਵੰਬਰ ਨੂੰ ਗਿੱਦੜਬਾਹਾ ਵਿੱਚ ‘ਆਪ’ ਵਿਰੁੱਧ ਮਾਰਚ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮਾਰਚ ਵਿੱਚ ਵੈਟਰਨਰੀ ਅਫ਼ਸਰ, ਸੀਨੀਅਰ ਵੈਟਰਨਰੀ ਅਫ਼ਸਰ, ਸਹਾਇਕ ਡਾਇਰੈਕਟਰ, ਡਿਪਟੀ ਡਾਇਰੈਕਟਰ, ਸੇਵਾਮੁਕਤ ਵੈਟਰਨਰੀ ਡਾਕਟਰ ਅਤੇ ਪੰਜਾਬ ਦੇ ਤਿੰਨ ਵੈਟਰਨਰੀ ਕਾਲਜਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਗਿੱਦੜਬਾਹਾ ਪਹੁੰਚਣਗੇ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।
ਸੰਯੁਕਤ ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਵੈਟਰਨਰੀ ਡਾਕਟਰਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਚਾਰ ਦਹਾਕਿਆਂ ਤੋਂ ਵੱਧ ਪੁਰਾਣਾ ਪੇਅ-ਪੈਰਿਟੀ ਦਾ ਹੱਕ, ਜੋ ਹਾਈ ਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਮਨਜ਼ੂਰ ਕੀਤਾ ਗਿਆ ਸੀ, ਨੂੰ ਤੁਰੰਤ ਬਹਾਲ ਕੀਤਾ ਜਾਵੇ। ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ।
ਕਨਵੀਨਰ ਡਾ. ਗੁਰਚਰਨ ਸਿੰਘ ਅਤੇ ਕੋ-ਕਨਵੀਨਰ ਡਾ. ਪੁਨੀਤ ਮਲਹੋਤਰਾ, ਡਾ. ਅਬਦੁਲ ਮਜ਼ੀਦ, ਡਾ. ਗੁਰਦੀਪ ਸਿੰਘ ਅਤੇ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੈਟਰਨਰੀ ਡਾਕਟਰਾਂ ਦੀ ਜਾਇਜ਼ ਮੰਗ ਨੂੰ ਅਣਡਿੱਠ ਕਰ ਰਹੀ ਹੈ। ਸੂਬਾ ਮੀਡੀਆ ਇੰਚਾਰਜ ਡਾ. ਗੁਰਿੰਦਰ ਵਾਲੀਆ ਨੇ ਕਿਹਾ ਕਿ ਸਮੂਹ ਮੁਲਾਜ਼ਮ ਵਰਗ ‘ਆਪ’ ਨੂੰ ਹਰਾਉਣ ਲਈ ਇਕਜੁੱਟ ਹੋਵੇ।