ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਵੈਸਟ ਇੰਡੀਜ਼ ਲਈ ਰਵਾਨਾ
ਸਤਵਿੰਦਰ ਬਸਰਾ
ਲੁਧਿਆਣਾ, 22 ਜੁਲਾਈ
ਅਕਾਦਮਿਕ ਅਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਸੁਚੱਜੇ ਮੌਕੇ ਰਾਹੀਂ ਕਾਲਜ ਆਫ ਵੈਟਰਨਰੀ ਸਾਇੰਸ (ਲੁਧਿਆਣਾ), ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ, ਲੁਧਿਆਣਾ ਦੇ ਪੰਜ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦਾ ਇੱਕ ਸਮੂਹ ਇੱਕ ਮਹੀਨੇ ਦੇ ਸਿਖਲਾਈ ਪ੍ਰੋਗਰਾਮ ਲਈ ਰਵਾਨਾ ਹੋਇਆ। ਸੰਸਥਾ ਵਿਕਾਸ ਯੋਜਨਾ ਪ੍ਰਾਜੈਕਟ ਦੇ ਤਹਿਤ ਵੈਸਟ ਇੰਡੀਜ ਦੀ ਯੂਨੀਵਰਸਿਟੀ ਵਿਖੇ ਰਵਾਨਗੀ ਤੋਂ ਪਹਿਲਾਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਉਪ-ਕੁਲਪਤੀ ਡਾ. ਇੰਦਰਜੀਤ ਸਿੰਘ ਅਤੇ ਡੀਨ, ਕਾਲਜ ਆਫ ਵੈਟਰਨਰੀ ਸਾਇੰਸ (ਲੁਧਿਆਣਾ) ਅਤੇ ਮੁੱਖ ਨਿਰੀਖਕ ਡਾ. ਸਰਵਪ੍ਰੀਤ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ। ਇਨ੍ਹਾਂ ਪੰਜ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੇਮਿਸਾਲ ਅਕਾਦਮਿਕ ਰਿਕਾਰਡ, ਜਾਨਵਰਾਂ ਦੀ ਦੇਖਭਾਲ ਪ੍ਰਤੀ ਸਮਰਪਣ ਅਤੇ ਅੰਤਰਰਾਸਟਰੀ ਮਾਹੌਲ ਵਿੱਚ ਆਪਣੇ ਗਿਆਨ ਦਾ ਵਿਸਥਾਰ ਕਰਨ ਦੇ ਆਧਾਰ ’ਤੇ ਚੁਣਿਆ ਗਿਆ। ਵੈਸਟ ਇੰਡੀਜ਼ ਯੂਨੀਵਰਸਿਟੀ ਵਿੱਚ ਉਨ੍ਹਾਂ ਦਾ ਸਿਖਲਾਈ ਪ੍ਰੋਗਰਾਮ ਉਨ੍ਹਾਂ ਨੂੰ ਵੈਟਰਨਰੀ ਦਵਾਈਆਂ ਦੇ ਵੱਖ-ਵੱਖ ਪਹਿਲੂਆਂ ਵਿੱਚ ਖੋਜ ਕਰਨ, ਮਹੱਤਵਪੂਰਨ ਸੂਝ ਪ੍ਰਾਪਤ ਕਰਨ ਅਤੇ ਬਿਮਾਰੀ ਦੇ ਨਿਦਾਨ ਤੇ ਉਨ੍ਹਾਂ ਦੇ ਇਲਾਜ ਵਿੱਚ ਸਿੱਖਿਅਤ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਡਾ. ਇੰਦਰਜੀਤ ਸਿੰਘ ਨੇ ਭਵਿੱਖ ਦੇ ਵੈਟਰਨਰੀ ਪੇਸ਼ੇਵਰਾਂ ਨੂੰ ਉੱਚ ਯੋਗਤਾ ਦੇਣ ਲਈ ਅੰਤਰਰਾਸਟਰੀ ਸਾਂਝ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮੰਚ ’ਤੇ ਯੂਨੀਵਰਸਿਟੀ ਦੇ ਝੰਡੇ ਨੂੰ ਬੁਲੰਦ ਰੱਖਣ ਲਈ ਵੀ ਪ੍ਰੇਰਿਤ ਕੀਤਾ। ਡਾ. ਘੁੰਮਣ ਨੇ ਇਸ ਵੱਕਾਰੀ ਮੌਕੇ ਲਈ ਵਿਦਿਆਰਥੀਆਂ ਦੀ ਚੋਣ ’ਤੇ ਮਾਣ ਦਾ ਪ੍ਰਗਟਾਵਾ ਕੀਤਾ ਅਤੇ ਚੰਗੀ ਸਿੱਖਿਆ ਨੂੰ ਉਤਸਾਹਿਤ ਕਰਨ ਲਈ ਅਜਿਹੇ ਅੰਤਰਰਾਸ਼ਟਰੀ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਵਿਗਿਆਨੀ ਡਾ. ਦੇਵੇਂਦਰ ਪਾਠਕ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿਖਲਾਈ ਦੇ ਤਜਰਬੇ ਨੂੰ ਭਰਪੂਰਤਾ ਨਾਲ ਜਿਊਣ ਲਈ ਕਿਹਾ।