For the best experience, open
https://m.punjabitribuneonline.com
on your mobile browser.
Advertisement

ਕੇਜਰੀਵਾਲ ਦੀ ਰਿਹਾਇਸ਼ ਤੋਂ ਵਿਭਵ ਕੁਮਾਰ ਗ੍ਰਿਫ਼ਤਾਰ

07:56 AM May 19, 2024 IST
ਕੇਜਰੀਵਾਲ ਦੀ ਰਿਹਾਇਸ਼ ਤੋਂ ਵਿਭਵ ਕੁਮਾਰ ਗ੍ਰਿਫ਼ਤਾਰ
ਵਿਭਵ ਕੁਮਾਰ (ਵਿਚਾਲੇ) ਨੂੰ ਮੈਡੀਕਲ ਜਾਂਚ ਮਗਰੋਂ ਲਿਜਾਂਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਮਈ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਪੁਲੀਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਪੁਲੀਸ ਨੇ 7 ਦਿਨ ਦਾ ਰਿਮਾਂਡ ਮੰਗਿਆ ਗਿਆ। ਮਾਲੀਵਾਲ ਵੱਲੋਂ ਤੀਸ ਹਜ਼ਾਰੀ ਅਦਾਲਤ ’ਚ ਬਿਆਨ ਦਰਜ ਕਰਵਾਏ ਜਾਣ ਦੇ ਇਕ ਦਿਨ ਬਾਅਦ ਪੁਲੀਸ ਨੇ ਇਹ ਕਾਰਵਾਈ ਕੀਤੀ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਿਭਵ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ। ਨਾਮ ਨਾ ਛਾਪਣ ਦੀ ਸ਼ਰਤ ’ਤੇ ਅਧਿਕਾਰੀ ਨੇ ਦੱਸਿਆ,‘‘ਸਿਵਲ ਲਾਈਨ ਥਾਣੇ ’ਚ ਮੁੱਢਲੀ ਪੁੱਛ-ਪੜਤਾਲ ਮਗਰੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਸ ਦਾ ਰਿਮਾਂਡ ਮੰਗਿਆ ਜਾਵੇਗਾ।’’ ਅਧਿਕਾਰੀ ਨੇ ਦੱਸਿਆ ਕਿ ਵਿਭਵ, ਕੇਜਰੀਵਾਲ ਨੂੰ ਮਿਲਣ ਲਈ ਸਵੇਰੇ ਉਨ੍ਹਾਂ ਦੀ ਰਿਹਾਇਸ਼ ’ਤੇ ਗਿਆ ਸੀ। ਪੁਲੀਸ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੁਰੱਖਿਆ ਮੁਲਾਜ਼ਮਾਂ ਅਤੇ ਹੋਰ ਅਮਲੇ ਸਮੇਤ 10 ਵਿਅਕਤੀਆਂ ਦੇ ਬਿਆਨ ਦਰਜ ਕੀਤੇ ਸਨ ਜੋ 13 ਮਈ ਨੂੰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਸਮੇਂ ਹਾਜ਼ਰ ਸਨ। ਇਸ ਤੋਂ ਪਹਿਲਾਂ ਵਿਭਵ ਕੁਮਾਰ ਨੇ ਪੁਲੀਸ ਨੂੰ ਪੱਤਰ ਲਿਖ ਕੇ ਕਿਹਾ ਕਿ ਉਹ ਜਾਂਚ ’ਚ ਸਹਿਯੋਗ ਕਰਨ ਲਈ ਤਿਆਰ ਹੈ ਪਰ ਪੁਲੀਸ ਨੂੰ ਉਸ ਵੱਲੋਂ ਮਾਲੀਵਾਲ ਖ਼ਿਲਾਫ਼ ਦਿੱਤੀ ਗਈ ਸ਼ਿਕਾਇਤ ਬਾਰੇ ਵੀ ਵਿਚਾਰ ਕਰਨਾ ਚਾਹੀਦਾ ਹੈ। ਵਿਭਵ ਕੁਮਾਰ ਨੇ ਸ਼ੁੱਕਰਵਾਰ ਨੂੰ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਮਾਲੀਵਾਲ ’ਤੇ ਦੋਸ਼ ਲਾਇਆ ਸੀ ਕਿ ਉਸ ਨੇ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੁਰੱਖਿਆ ਘੇਰੇ ਨੂੰ ਤੋੜ ਕੇ ਗ਼ੈਰਕਾਨੂੰਨੀ ਢੰਗ ਨਾਲ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ ਅਤੇ ਉਥੇ ਹੰਗਾਮਾ ਖੜ੍ਹਾ ਕੀਤਾ ਸੀ। ਮੁੱਖ ਮੰਤਰੀ ਦੇ ਨਿੱਜੀ ਸਕੱਤਰ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਉਸ ਨੇ ਮਾਲੀਵਾਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗਾਲ੍ਹਾਂ ਕੱਢੀਆਂ ਸਨ। ਵਿਭਵ ਨੇ ਕਿਹਾ ਕਿ ਸਵਾਤੀ ਮਾਲੀਵਾਲ ਜਾਣਬੁੱਝ ਕੇ ਉਸ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਧਰ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਤੋਂ ਵਿਭਵ ਕੁਮਾਰ ਦੀ ਗ੍ਰਿਫ਼ਤਾਰੀ ਬਾਰੇ ‘ਐਕਸ’ ’ਤੇ ਪੋਸਟ ਵਿੱਚ ਕਿਹਾ ਕਿ ਮੁੱਖ ਮੰਤਰੀ ਕਥਿਤ ਅਪਰਾਧੀ ਨੂੰ ਪਨਾਹ ਦੇ ਰਿਹਾ ਸੀ। ਇਸ ਦੌਰਾਨ ਸ਼ੁੱਕਰਵਾਰ ਨੂੰ ਏਮਸ ’ਚ ਮਾਲੀਵਾਲ ਦਾ ਮੈਡੀਕਲ ਹੋਇਆ ਜਿਸ ਦੀ ਰਿਪੋਰਟ ’ਚ ਖ਼ੁਲਾਸਾ ਹੋਇਆ ਹੈ ਕਿ ਉਸ ਦੀ ਖੱਬੀ ਲੱਤ ਅਤੇ ਸੱਜੇ ਗੱਲ੍ਹ ’ਤੇ ਸੱਟ ਦੇ ਨਿਸ਼ਾਨ ਹਨ। ਮੈਡੀਕਲ ਰਿਪੋਰਟ ਮੁਤਾਬਕ ਸਵਾਤੀ ਮਾਲੀਵਾਲ ਦੀ ਖੱਬੀ ਲੱਤ ’ਤੇ ਕਰੀਬ 3×2 ਸੈਂਟੀਮੀਟਰ ਤੇ ਉਸ ਦੀ ਸੱਜੀ ਅੱਖ ਦੇ ਹੇਠਾਂ ਗੱਲ੍ਹ ’ਤੇ ਲਗਪਗ 2×2 ਸੈਂਟੀਮੀਟਰ ਦੀ ਸੱਟ ਦੇ ਨਿਸ਼ਾਨ ਹਨ।

Advertisement

ਭਾਜਪਾ ਨੇ ਮਾਲੀਵਾਲ ਨੂੰ ਮੋਹਰਾ ਬਣਾਇਆ: ਆਤਿਸ਼ੀ

ਨਵੀਂ ਦਿੱਲੀ (ਪੱਤਰ ਪ੍ਰੇਰਕ): ‘ਆਪ’ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਭਾਜਪਾ ਦੇ ਸੰਪਰਕ ’ਚ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ 25 ਮਈ ਨੂੰ ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਘੜੀ ਗਈ ਹੈ। ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਲਈ ਸਵਾਤੀ ਮਾਲੀਵਾਲ ਨੂੰ ਭਾਜਪਾ ਨੇ ਮੋਹਰਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਵਾਤੀ ਨੂੰ ਬਲੈਕਮੇਲ ਕਰ ਰਹੀ ਹੈ। ‘ਆਪ’ ਦੀ ਸੀਨੀਅਰ ਆਗੂ ਆਤਿਸ਼ੀ ਨੇ ਕਿਹਾ,‘‘ਸਵਾਤੀ ਮਾਲੀਵਾਲ ਖ਼ਿਲਾਫ਼ ਦਿੱਲੀ ਮਹਿਲਾ ਕਮਿਸ਼ਨ ’ਚ ਭਰਤੀ ਘੁਟਾਲੇ ਦਾ ਮਾਮਲਾ ਚੱਲ ਰਿਹਾ ਹੈ। ਅਜਿਹੇ ’ਚ ਭਾਜਪਾ ਉਸ ਨੂੰ ਡਰਾ-ਧਮਕਾ ਕੇ ਇਹ ਸਭ ਕਰਵਾ ਰਹੀ ਹੈ। ਵੈਸੇ ਵੀ ਭਾਜਪਾ ਦਾ ਫਾਰਮੂਲਾ ਰਿਹਾ ਹੈ ਕਿ ਉਹ ਆਪਣੇ ਸਿਆਸੀ ਫਾਇਦੇ ਲਈ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਕੇਸ ਦਰਜ ਕਰਕੇ ਦਬਾਅ ਪਾਉਂਦੀ ਹੈ। ਇਹੀ ਫਾਰਮੂਲਾ ਸਵਾਤੀ ਮਾਲੀਵਾਲ ’ਤੇ ਵੀ ਵਰਤਿਆ ਗਿਆ ਹੈ।’’ ਆਤਿਸ਼ੀ ਨੇ ਕਿਹਾ ਕਿ ਪੁਲੀਸ ਇਸ ਗੱਲ ਦੀ ਜਾਂਚ ਕਰੇ ਕਿ ਸਵਾਤੀ ਮਾਲੀਵਾਲ ਕਿਹੜੇ-ਕਿਹੜੇ ਭਾਜਪਾ ਆਗੂਆਂ ਦੇ ਸੰਪਰਕ ਵਿੱਚ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਆਤਿਸ਼ੀ ਨੇ ਕਿਹਾ, ‘‘ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਵਾਤੀ ਮਾਲੀਵਾਲ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਭਾਜਪਾ ਦੇ ਆਗੂਆਂ ਦੇ ਸੰਪਰਕ ਵਿੱਚ ਹੈ। ਦਿੱਲੀ ਪੁਲੀਸ ਨੂੰ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਕਿਸ ਤਰ੍ਹਾਂ ਦੀ ਸਿਆਸੀ ਸਾਜ਼ਿਸ਼ ਹੈ, ਜੋ ਦਿੱਲੀ ਵਿੱਚ ਵੋਟਿੰਗ ਤੋਂ ਸਿਰਫ਼ 5-7 ਦਿਨ ਪਹਿਲਾਂ ‘ਆਪ’ ਅਤੇ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਨ ਲਈ ਰਚੀ ਗਈ ਹੈ।’’ ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਦੇ ਮਾਮਲੇ ’ਤੇ ਪੁਲੀਸ ਨੇ ਖੁਦ ਨੋਟਿਸ ਲੈ ਕੇ ਐੱਫਆਈਆਰ ਦਰਜ ਕੀਤੀ ਸੀ ਪਰ ਵਿਭਵ ਕੁਮਾਰ ਦੀ ਸ਼ਿਕਾਇਤ ਦੇ 24 ਘੰਟੇ ਬਾਅਦ ਵੀ ਕੋਈ ਐੱਫਆਈਆਰ ਦਰਜ ਨਹੀਂ ਹੋਈ। ਇਹ ਸਾਰੀਆਂ ਘਟਨਾਵਾਂ ਇਸ ਗੱਲ ਦਾ ਸਬੂਤ ਹਨ ਕਿ ਸਾਰੀ ਸਾਜ਼ਿਸ਼ ਸਿੱਧੇ ਗ੍ਰਹਿ ਮੰਤਰਾਲੇ ਤੋਂ ਚਲਾਈ ਜਾ ਰਹੀ ਹੈ ਅਤੇ ਇਸ ਪੂਰੇ ਮਾਮਲੇ ਦੀ ਨਿਗਰਾਨੀ ਭਾਜਪਾ ਹਾਈ ਕਮਾਂਡ ਕਰ ਰਹੀ ਹੈ। ਆਪ’ ਦੇ ਇਕ ਹੋਰ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲੀਸ ਨੂੰ ਸਵਾਤੀ ਮਾਲੀਵਾਲ ਦੇ ਕਾਲ ਰਿਕਾਰਡ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਨੇ ਜਦੋਂ ਇਲਜ਼ਾਮ ਲਾਇਆ ਸੀ ਤਾਂ ਪਾਰਟੀ ਆਗੂਆਂ ਨੂੰ ਵੀ ਉਸ ਨਾਲ ਹਮਦਰਦੀ ਹੋਈ ਸੀ ਪਰ ਬਾਅਦ ’ਚ ਵੀਡੀਓ ਫੁਟੇਜ ਨਾਲ ਸੱਚ ਸਭ ਦੇ ਸਾਹਮਣੇ ਆ ਗਿਆ। ਉਨ੍ਹਾਂ ਕਿਹਾ ਕਿ ਵੀਡੀਓ ’ਚ ਮਾਲੀਵਾਲ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਆਰਾਮ ਨਾਲ ਜਾਂਦੀ ਹੋਈ ਦਿਖਾਈ ਦੇ ਰਹੀ ਹੈ ਜਦਕਿ ਉਸ ਨੇ ਆਪਣੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਹੋਣ ਦੀ ਸ਼ਿਕਾਇਤ ਦਿੱਤੀ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਵੀਡੀਓਜ਼ ਨੂੰ ਦੇਖੇਗਾ ਤਾਂ ਉਸ ਨੂੰ ਯਕੀਨ ਹੋ ਜਾਵੇਗਾ ਕਿ ਮਾਲੀਵਾਲ ਦੇ ਬਿਆਨਾਂ ’ਚ ਕੁਝ ਗਲਤ ਹੈ ਤੇ ਕੋਈ ਵੱਡੀ ਸਾਜ਼ਿਸ਼ ਹੈ।

ਕੇਜਰੀਵਾਲ ਨੇ ਮੋਦੀ ਨੂੰ ‘ਆਪ’ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਚੁਣੌਤੀ ਦਿੱਤੀ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਅਤੇ ਹੋਰ ‘ਆਪ’ ਆਗੂ ਐਤਵਾਰ ਨੂੰ ਭਾਜਪਾ ਦਫ਼ਤਰ ਜਾਣਗੇ ਤਾਂ ਜੋ ਪ੍ਰਧਾਨ ਮੰਤਰੀ ਜਿਸ ਨੂੰ ਚਾਹੁਣ, ਉਸ ਨੂੰ ਜੇਲ੍ਹ ਭੇਜ ਸਕਣ। ਉਨ੍ਹਾਂ ਆਪਣੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ’ਚ ਆਪਣੇ ਸਹਿਯੋਗੀ ਵਿਭਵ ਕੁਮਾਰ ਦੀ ਗ੍ਰਿਫ਼ਤਾਰੀ ਦੇ ਕੁਝ ਘੰਟਿਆਂ ਬਾਅਦ ਪ੍ਰੈੱਸ ਕਾਨਫਰੰਸ ’ਚ ਦਾਅਵਾ ਕੀਤਾ ਕਿ ਭਾਜਪਾ ਆਖ ਰਹੀ ਹੈ ਕਿ ਉਹ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੰਤਰੀਆਂ ਆਤਿਸ਼ੀ ਤੇ ਸੌਰਭ ਭਾਰਦਵਾਜ ਨੂੰ ਵੀ ਜੇਲ੍ਹ ਭੇਜਣਗੇ। ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਆਗੂਆਂ ਨੂੰ ਜੇਲ੍ਹ ਭੇਜ ਕੇ ਪਾਰਟੀ ਨੂੰ ਕੁਚਲਿਆ ਨਹੀਂ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਸੰਜੈ ਸਿੰਘ ਜਿਹੇ ਆਗੂਆਂ ਨੂੰ ਜੇਲ੍ਹ ਭੇਜਣ ਦੀ ‘ਖੇਡ’ ਖੇਡਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ,‘‘ਮੈਂ ਆਪਣੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਭਲਕੇ ਦੁਪਹਿਰ ਭਾਜਪਾ ਦਫ਼ਤਰ ਜਾਵਾਂਗਾ ਤਾਂ ਜੋ ਪ੍ਰਧਾਨ ਮੰਤਰੀ ਜਿਸ ਮਰਜ਼ੀ ਨੂੰ ਜੇਲ੍ਹ ਭੇਜ ਸਕਣ।’’ ਕੇਜਰੀਵਾਲ ਨੇ ਕਿਹਾ ਕਿ ‘ਆਪ’ ਇਕ ਵਿਚਾਰ ਹੈ ਅਤੇ ਉਹ ਜਿੰਨੇ ‘ਆਪ’ ਆਗੂਆਂ ਨੂੰ ਜੇਲ੍ਹ ’ਚ ਸੁੱਟਣਗੇ, ਦੇਸ਼ ਉਨ੍ਹਾਂ ਤੋਂ 100 ਗੁਣਾ ਜ਼ਿਆਦਾ ਨੇਤਾ ਪੈਦਾ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਗਲਤੀ ਇਹ ਸੀ ਕਿ ਦਿੱਲੀ ’ਚ ਉਸ ਦੀ ਸਰਕਾਰ ਨੇ ਚੰਗੇ ਕੰਮ ਕੀਤੇ ਜੋ ਭਾਜਪਾ ਨਹੀਂ ਕਰ ਸਕੀ। -ਪੀਟੀਆਈ

Advertisement
Author Image

sukhwinder singh

View all posts

Advertisement
Advertisement
×