Video: ਚੰਡੀਗੜ੍ਹ ’ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਪੁੱਜੇ ‘ਆਪ’ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ, ਕਈ ਹਿਰਾਸਤ ’ਚ ਲਏ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 30 ਅਕਤੂਬਰ
ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਪੰਜਾਬ ਵਿਚ ਝੋਨੇ ਦੀ ਖ਼ਰੀਦ ਦੇ ਮੁੱਦੇ ਉਤੇ ਚੰਡੀਗੜ੍ਹ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲੀਸ ਨੇ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ। ਇਸ ਦੌਰਾਨ ਪੁਲੀਸ ਵੱਲੋਂ ਮੁਜ਼ਾਹਰਾਕਾਰੀਆਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਵੀ ਖ਼ਬਰ ਹੈ।
ਗ਼ੌਰਤਲਬ ਹੈ ਕਿ ‘ਆਪ’ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਚੁਕਾਈ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਖ਼ਿਲਾਫ਼ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨ ਦੱਸਿਆ ਸੀ ਕਿ ‘ਆਪ’ ਆਗੂ ਤੇ ਵਰਕਰ ਸਵੇਰੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਕੱਠੇ ਹੋਣਗੇ ਤੇ ਉਥੋਂ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ।
ਸ੍ਰੀ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲਾਖੋਰੀ ਵਾਲੀ ਹੈ। ਉਹ ਜਾਣਬੁੱਝ ਕੇ ਮੱਠੀ ਰਫ਼ਤਾਰ ਨਾਲ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ।