Video ਮੁੱਖ ਮੰਤਰੀ ਭਗਵੰਤ ਮਾਨ ਨੇ ਬੰਬ ਵਾਲੇ ਬਿਆਨ ’ਤੇ ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ
ਆਤਿਸ਼ ਗੁਪਤਾ
ਚੰਡੀਗੜ੍ਹ, 13 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪੰਜਾਹ ਦੇ ਕਰੀਬ ਬੰਬ ਆਉਣ ਸਬੰਧੀ ਬਿਆਨ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਲੰਮੇਂ ਹੱਥੀਂ ਲਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਸੀ ਕਿ ਪੰਜਾਬ ਵਿੱਚ ਬੰਬ ਸਪਲਾਈ ਕੀਤੇ ਗਏ ਹਨ ਜਿਨਾਂ ਵਿੱਚੋਂ ਕੁਝ ਚਲਾ ਦਿੱਤੇ ਗਏ ਹਨ ਅਤੇ ਕੁਝ ਬਾਕੀ ਹਨ। ਮਾਨ ਨੇ ਬਾਜਵਾ ਨੂੰ ਸਵਾਲ ਕੀਤੇ ਕਿ ਕੀ ਉਨ੍ਹਾਂ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਹਨ, ਜਿੱਥੋਂ ਉਨ੍ਹਾਂ ਨੂੰ ਅਜਿਹੀ ਸੰਵੇਦਨਸ਼ੀਲ ਜਾਣਕਾਰੀ ਮਿਲ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਜਾਣਕਾਰੀ ਵਿਰੋਧੀ ਧਿਰ ਦੇ ਆਗੂ ਕੋਲ ਆਈ ਹੈ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਇਸ ਦੀ ਸੂਚਨਾ ਉਹ ਤੁਰੰਤ ਪੰਜਾਬ ਪੁਲੀਸ ਨੂੰ ਦਿੰਦੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੀ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸਨ ਕਿ ਬੰਬ ਫਟਣ ਅਤੇ ਲੋਕ ਮਰਨ ਤਾਂ ਜੋ ਉਹ ਰਾਜਨੀਤੀ ਕਰ ਸਕਣ। ਅਤੇ ਜੇ ਅਜਿਹਾ ਨਹੀਂ ਹੈ ਤਾਂ ਉਹ ਝੂਠ ਬੋਲ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।