ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੰਡਿਆਇਆ ਦਾ ਏਐੱਸਆਈ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 11 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲੀਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ/ਐੱਲਆਰ) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਸਤਗੁਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਜਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਏਐੱਸਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਏਐੱਸਆਈ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ।