ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਕਾਬੂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ ,19 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਥੇ ਨਗਰ ਨਿਗਮ ਵਿੱਚ ਤਾਇਨਾਤ ਸਹਾਇਕ ਟਾਊਨ ਪਲਾਨਰ (ਏਟੀਪੀ) ਹਰਜਿੰਦਰ ਸਿੰਘ ਨੂੰ 50 ਹਜ਼ਾਰ ਰੁਪਏ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿੱਚ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐੱਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਮੁਕੇਰੀਆਂ (ਪੱਤਰ ਪ੍ਰੇਰਕ): ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੁਕੇਰੀਆਂ ਤਹਿਸੀਲ ਅਧੀਨ ਆਉਂਦੇ ਮਾਲ ਹਲਕਾ ਜਹਾਨਪੁਰ ਦੇ ਪਟਵਾਰੀ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਹੁਸ਼ਿਆਰਪੁਰ ਦੇ ਮੁਕੇਰੀਆਂ ਤਹਿਤ ਆਉਂਦੇ ਪਿੰਡ ਜਹਾਨਪੁਰ ਦੇ ਵਸਨੀਕ ਸਰੂਪ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਪਟਵਾਰੀ ਨੇ ਉਸ ਦੀ ਜੱਦੀ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਤਿੰਨ ਵੱਖ-ਵੱਖ ਮੌਕਿਆਂ ’ਤੇ 5000 ਰੁਪਏ ਦੀ ਰਿਸ਼ਵਤ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਦਰੁਸਤ ਪਾਏ ਗਏ ਹਨ। ਇਸ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਉਕਤ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।