ਵਿਜੀਲੈਂਸ ਨੇ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਫੜਿਆ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 28 ਸਤੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਲਾਡਬੰਜਾਰਾ ਵਿੱਚ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20 ਹਜ਼ਾਰ ਰੁਪਏ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੱਸਿਆ ਕਿ ਉਸ ਕੋਲ 25 ਏਕੜ ਜ਼ਮੀਨ ਹੈ, ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਜਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।