ਵਿਜੀਲੈਂਸ ਨੇ ਰਿਸ਼ਵਤ ਲੈਂਦਾ ਲਾਈਨਮੈਨ ਰੰਗੇ ਹੱਥੀਂ ਫੜਿਆ
ਹਰਜੀਤ ਸਿੰਘ ਪਰਮਾਰ
ਬਟਾਲਾ, 6 ਜੂਨ
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਪੀਐੱਸਪੀਸੀਐੱਲ ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿੱਚ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ ਇੱਕ ਵਿਅਕਤੀ ਕੋਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਮੁਹੱਲਾ ਫੈਜ਼ਪੁਰਾ, ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਏ ਸਨ ਕਿ ਲਾਈਨਮੈਨ ਨੇ ਉਸ ਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਫਿਲਹਾਲ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।