For the best experience, open
https://m.punjabitribuneonline.com
on your mobile browser.
Advertisement

ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ’ਤੇ ਕੱਸਿਆ ਸ਼ਿਕੰਜਾ, 3:30 ਵਜੇ ਮੁਹਾਲੀ ਕੋਰਟ ’ਚ ਕੀਤਾ ਜਾਵੇਗਾ ਪੇਸ਼

10:33 AM Jun 25, 2025 IST
ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ’ਤੇ ਕੱਸਿਆ ਸ਼ਿਕੰਜਾ  3 30 ਵਜੇ ਮੁਹਾਲੀ ਕੋਰਟ ’ਚ ਕੀਤਾ ਜਾਵੇਗਾ ਪੇਸ਼
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਜੀਲੈਂਸ ਦੇ ਐੱਸਐੱਸਪੀ ਨੂੰ ਸਵਾਲ ਜਵਾਬ ਕਰਦੇ ਹੋਏ। ਫੋਟੋ: ਵੀਡੀਓ ਗਰੈਬ ਸੋਸ਼ਲ ਮੀਡੀਆ
Advertisement
ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਲੀਆਂ ਰਿਹਾਇਸ਼ਾਂ ਸਣੇ ਪੰਜਾਬ ’ਚ 24 ਟਿਕਾਣਿਆਂ ’ਤੇ ਵਿਜੀਲੈਂਸ ਦੇ ਛਾਪੇ

ਜਗਤਾਰ ਸਿੰਘ ਲਾਂਬਾ/ਆਤਿਸ਼ ਗੁਪਤਾ
ਅੰਮ੍ਰਿਤਸਰ/ਚੰਡੀਗੜ੍ਹ, 25 ਜੂਨ  

Advertisement

ਵਿਜੀਲੈਂਸ ਬਿਊਰੋ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Advertisement
Advertisement

ਸੂਤਰਾਂ ਮੁਤਾਬਕ ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਲੈ ਕੇ ਮੁਹਾਲੀ ਲਈ ਰਵਾਨਾ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤਿੰਨ ਵਜੇ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਰਿਸ਼ਤੇਦਾਰ ਹਨ।

ਇਹ ਵੀ ਪੜ੍ਹੋ:

Punjab News: ਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾ

ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਿਚ ਸਾਫ਼ ਕਰ ਦਿੱਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਆਸੀ ਬਦਲਾਖੋਰੀ ਵਾਲੀ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ।

ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗਡ੍ਹ ਵਿਚਲੀਆਂ ਰਿਹਾਇਸ਼ਾਂ ’ਤੇ ਦਸਤਕ ਦਿੱਤੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਨਸ਼ਾ ਤਸਕਰੀ ਤੇ ਇਸ ਨਾਲ ਜੁੜੇ ਕਾਲੇ ਧਨ ਦੀ ਜਾਂਚ ਨੂੰ ਲੈ ਕੇ ਪੰਜਾਬ ਵਿਚ 24 ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਹਨ।

ਵਿਜੀਲੈਂਸ ਦੀ ਟੀਮ ਨੇ ਅੱਜ ਪਹਿਲਾਂ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ। ਟੀਮ ਵਿੱਚ ਵਿਜੀਲੈਂਸ ਦੇ ਅੱਠ ਤੋਂ 10 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਸਨ।

ਵਿਜੀਲੇੈਂਸ ਦੀ ਟੀਮ ਬਿਕਰਮ ਮਜੀਠੀਆ ਨੂੰ ਹਿਰਾਸਤ ਵਿਚ ਲੈਂਦੀ ਹੋਈ ਤੇ ਇਸ ਦੌਰਾਨ ਅਕਾਲੀ ਆਗੂ ਦੀ ਰਿਹਾਇਸ਼ ਦੇ ਬਾਹਰ ਪੁਲੀਸ ਨਾਲ ਧੱਕਾਮੁੱਕੀ ਹੁੰਦੇ ਪਾਰਟੀ ਵਰਕਰ।

ਛਾਪਾ ਮਾਰਨ ਆਈ ਇਸ ਟੀਮ ਨੇ ਛਾਪੇ ਦੀ ਕਾਰਵਾਈ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲੀਸ ਅਤੇ ਵਿਜੀਲੈਂਸ ਵਿਭਾਗ ਦੋਵਾਂ ਨੇ ਚੁੱਪ ਧਾਰੀ ਹੋਈ ਹੈ। ਇਹ ਛਾਪੇਮਾਰੀ ਕਿਸ ਸਬੰਧ ਵਿਚ ਕੀਤੀ ਗਈ ਹੈ, ਫਿਲਹਾਲ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਇਹ ਭੇਦ ਬਣਿਆ ਹੋਇਆ ਹੈ। ਦੱਸਣ ਯੋਗ ਹੈ ਕਿ ਮਜੀਠੀਆ ਇਸ ਵੇਲੇ ਨਸ਼ਿਆਂ ਦੇ ਦੋਸ਼ ਹੇਠ ਚੱਲ ਰਹੇ ਇੱਕ ਕੇਸ ਦਾ ਸਾਹਮਣਾ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੇ ਘਰ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਉਹ ਖੁਦ ਘਰ ਵਿੱਚ ਹਨ ਅਤੇ ਉਨ੍ਹਾਂ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਇਸ ਟੀਮ ਨੇ ਘਰ ਵਿੱਚ ਛਾਪੇਮਾਰੀ ਕੀਤੀ ਹੈ, ਜਿਸ ਦੀ ਅਗਵਾਈ ਵਿਜੀਲੈਂਸ ਵਿਭਾਗ ਦੇ ਐੱਸਐੱਸਪੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਬੰਧ ਵਿੱਚ ਦਰਜ ਕੇਸ ਵਿੱਚ ਜਦੋਂ ਉਨ੍ਹਾਂ ਖਿਲਾਫ਼ ਕੁਝ ਨਹੀਂ ਮਿਲਿਆ ਤਾਂ ਸਰਕਾਰ ਉਨ੍ਹਾਂ ਖਿਲਾਫ ਇੱਕ ਹੋਰ ਨਵਾਂ ਮਾਮਲਾ ਦਰਜ ਕਰਨ ਦਾ ਯਤਨ ਕਰ ਰਹੀ ਹੈ।

ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਯਤਨ ਕਰ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ, ‘‘ਮੈਂ ਹਮੇਸ਼ਾ ਪੰਜਾਬ ਦੇ ਮੁੱਦਿਆਂ ’ਤੇ ਗੱਲ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਗੱਲ ਕਰਦਾ ਰਹਾਂਗਾ। ਮੈਨੂੰ ਅਕਾਲ ਪੁਰਖ ਤੇ ਪੂਰਾ ਭਰੋਸਾ ਹੈ ਅਤੇ ਅੰਤ ਵਿੱਚ ਸੱਚਾਈ ਦੀ ਜਿੱਤ ਹੋਵੇਗੀ।’’ ਅਕਾਲੀ ਆਗੂ ਨੇ ਐਕਸ ’ਤੇ ਇੱਕ ਵੀਡੀਓ ਵੀ ਅਪਲੋਡ ਕੀਤੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਦੇ ਕੱਪੜਿਆਂ ਵਿੱਚ ਪੁਲੀਸ ਕਰਮਚਾਰੀ ਦਿਖਾਈ ਦੇ ਰਹੇ ਹਨ, ਜਿਨ੍ਹਾਂ ਤੋਂ ਉਨ੍ਹਾਂ ਦੀ ਸ਼ਨਾਖਤ ਬਾਰੇ ਪੁੱਛ ਰਹੇ ਹਨ। ਮਜੀਠੀਆ ਆਪਣੇ ਸਹਿਯੋਗੀਆਂ ਨੂੰ ਇਸ ਸਾਰੀ ਕਾਰਵਾਈ ਦੀ ਵੀਡੀਓ ਬਣਾਉਣ ਬਾਰੇ ਵੀ ਆਖ ਰਹੇ ਹਨ।

ਵਿਧਾਇਕ ਗਨੀਵ ਮਜੀਠੀਆ ਨੈ ਵੀ ਕਾਰਵਾਈ ’ਤੇ ਇਤਰਾਜ਼ ਜਤਾਇਆ

ਹਲਕਾ ਮਜੀਠਾ ਤੋਂ ਵਿਧਾਇਕ ਬੀਬੀ ਗਨੀਵ ਕੌਰ ਜੋ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਤਨੀ ਹਨ, ਨੇ ਵੀ ਵਿਜੀਲੈਂਸ ਵਿਭਾਗ ਦੀ ਇਸ ਕਾਰਵਾਈ ’ਤੇ ਸਸ਼ਤ ਇਤਰਾਜ਼ ਜਤਾਇਆ ਹੈ। ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਇੱਕ ਵੀਡੀਓ ਵਿੱਚ ਉਹ ਵਿਜੀਲੈਂਸ ਦੀ ਟੀਮ ਨਾਲ ਬਹਿਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਗਨੀਵ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਬਿਨਾਂ ਆਗਿਆ ਲਏ 25 ਤੋਂ 30 ਵਿਜੀਲੈਂਸ ਕਰਮਚਾਰੀ ਦਾਖਲ ਹੋਏ ਹਨ, ਜੋ ਕਿ ਸਰਾਸਰ ਨਿਯਮਾਂ ਦੀ ਉਲੰਘਣਾ ਹੈ। ਜੇਕਰ ਕੋਈ ਮਸਲਾ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਪ੍ਰਵਾਨਗੀ ਲਏ ਜਬਰੀ ਘਰ ਵਿੱਚ ਦਾਖਲ ਹੋਣਾ ਕਿੰਨਾ ਕੁ ਜਾਇਜ਼ ਹੈ।

ਬਿਕਰਮ ਮਜੀਠੀਆ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਵੀ ਪਹੁੰਚੀ ਵਿਜੀਲੈਂਸ ਦੀ ਟੀਮ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗਰੀਨ ਐਵਨਿਊ ਸਥਿਤ ਰਿਹਾਇਸ਼ ਉੱਤੇ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਅਕਾਲੀ ਆਗੂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਵੀ ਦਸਤਕ ਦਿੱਤੀ। ਕੁਝ ਸਮਾਂ ਪਹਿਲਾਂ ਚੰਡੀਗੜ੍ਹ ਸਥਿਤ ਐੱਮਐੱਲਏ ਹੋਸਟਲ ਵਿੱਚ ਬਿਕਰਮ ਸਿੰਘ ਮਜਿਠੀਆ ਦੀ ਰਿਹਾਇਸ਼ ਉੱਤੇ ਵਿਜੀਲੈਂਸ ਬਿਊਰੋ ਤੇ ਕਈ ਹੋਰ ਮੁਲਾਜ਼ਮ ਪਹੁੰਚੇ ਹਨ। ਇਸ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੇ ਪੱਤਰਕਾਰਾਂ ਨਾਲ ਕੋਈ ਗੱਲ ਕਰਨ ਤੋਂ ਪਾਸਾ ਵੱਟਿਆ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਕਲੇਰ ਨੇ ਮੌਕੇ ’ਤੇ ਪਹੁੰਚ ਕੇ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸਰਚ ਵਾਰੰਟ ਦਿਖਾਉਣ ਦੀ ਗੱਲ ਆਖੀ। ਹਾਲਾਂਕਿ ਵਿਜੀਲੈਂਸ ਬਿਊਰੋ ਨੇ ਕੋਈ ਗੱਲ ਕੀਤੇ ਬਿਨਾਂ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਿਕਰਮ ਮਜੀਠੀਆ ਦੀ ਰਿਹਾਇਸ਼ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ।

ਇਸ ਦੌਰਾਨ ਇੱਥੇ ਗ੍ਰੀਨ ਐਵੇਨਿਊ ਸਥਿਤ ਸ੍ਰੀ ਮਜੀਠੀਆ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਗਿਆ ਹੈ। ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ , ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਾਅਰੇ ਲਾਏ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਆਖਿਆ ਹੈ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਡੱਟ ਕੇ ਖੜਾ ਹੈ। ਉਨ੍ਹਾਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੁਖਲਾਹਟ ਵਿੱਚ ਆ ਕੇ ਅਜਿਹੀ ਕਾਰਵਾਈ ਕਰ ਰਹੀ ਹੈ।

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ‘ਆਪ’ ਸਰਕਾਰ ਦੀ ਇਸ ਕਾਰਵਾਈ ਦਾ ਸਖਤ ਵਿਰੋਧ ਕਰਦਿਆਂ ਇਸ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਕਾਰਵਾਈ ਮਜੀਠੀਆ ਪਰਿਵਾਰ ਨੂੰ ਡਰਾਉਣ ਧਮਕਾਉਣ ਦਾ ਯਤਨ ਹੈ ,ਜਦੋਂ ਕਿ ਉਹ ਡਰਨ ਵਾਲੇ ਨਹੀਂ ਹਨ।

Advertisement
Tags :
Author Image

Advertisement