ਵਿਜੀਲੈਂਸ ਵੱਲੋਂ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਕੇਸ ਦਰਜ
ਜੋਗਿੰਦਰ ਸਿੰਘ ਮਾਨ
ਮਾਨਸਾ, 8 ਅਕਤੂਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਮਾਨਸਾ ਜ਼ਿਲ੍ਹੇ ਦੀ ਨਗਰ ਕੌਂਸਲ ਬੁਢਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਨੂੰ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਆਧਾਰ ’ਤੇ ਮਿਉਂਸਿਪਲ ਕੌਂਸਲ ਬੁਢਲਾਡਾ ਦੇ ਮੁਲਾਜ਼ਮ ਇੰਦਰਜੀਤ ਸਿੰਘ, ਸਹਾਇਕ ਮਿਉਂਸਪਲ ਇੰਜੀਨੀਅਰ (ਏ.ਐੱਮ.ਈ.), ਰਾਕੇਸ਼ ਕੁਮਾਰ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਠੇਕੇਦਾਰ ਰਾਕੇਸ਼ ਕੁਮਾਰ, ਮਾਲਕ, ਆਦਰਸ਼ ਕੋਆਪਰੇਟਿਵ ਐਲ ਐਂਡ ਸੀ ਸੋਸਾਇਟੀ, ਝੁਨੀਰ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਨਗਰ ਨਿਗਮ ਬੁਢਲਾਡਾ ਦੇ ਉਕਤ ਅਧਿਕਾਰੀਆਂ/ਕਰਮਚਾਰੀਆਂ ਨੇ ਠੇਕੇਦਾਰ ਨਾਲ ਮਿਲ ਕੇ ਸ਼ਹਿਰ ਦੀ ਕੁਲਾਣਾ ਰੋਡ ਤੱਕ ਸੀਮਿੰਟ ਕੰਕਰੀਟ ਵਾਲੀ ਸੜਕ ਦੇ ਨਿਰਮਾਣ ਕਾਰਜ ਵਿੱਚ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਇਲਾਵਾ, ਇੰਦਰਜੀਤ ਸਿੰਘ, ਏ.ਐਮ.ਈ. ਅਤੇ ਰਾਕੇਸ਼ ਕੁਮਾਰ ਜੇ.ਈ. ਨੇ ਸੜਕ ਦੀ ਲਾਜ਼ਮੀ ਮੌਕੇ ਉਪਰ ਜਾ ਕੇ ਚੈਕਿੰਗ ਨਹੀਂ ਕੀਤੀ ਅਤੇ ਨਾ ਹੀ ਸਰਕਾਰੀ ਮਾਪ ਬੁੱਕ (ਐਮ.ਬੀ.) ਵਿੱਚ ਐਂਟਰੀਆਂ ਨੂੰ ਪੂਰਾ ਕੀਤਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਵੱਲੋਂ ਇਸ ਸੜਕ ਦੀ ਚੈਕਿੰਗ ਦੌਰਾਨ ਸੀਮਿੰਟ ਕੰਕਰੀਟ ਵਾਲੀ ਇਸ ਸੜਕ ਦੀ ਲੰਬਾਈ 693 ਫੁੱਟ ਪਾਈ ਗਈ ਜਦਕਿ ਸਰਕਾਰੀ ਐਮ.ਬੀ. ਵਿੱਚ ਇਸ ਦੀ ਲੰਬਾਈ 760 ਫੁੱਟ ਦਰਜ ਕੀਤੀ ਗਈ। ਇਸ ਤਰ੍ਹਾਂ ਠੇਕੇਦਾਰ ਨੂੰ ਹੋਰ ਅਦਾਇਗੀਆਂ ਕਰਨ ਲਈ ਐਮ.ਬੀ. ਵਿੱਚ 67 ਫੁੱਟ ਵੱਧ ਸੜਕ ਦਰਜ ਕੀਤੀ ਗਈ। ਇਹ ਕੇਸ ਵਿਜੀਲੈਂਸ ਥਾਣਾ ਬਠਿੰਡਾ ਰੇਂਜ ਵਿਚ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਮਿਉਂਸਿਪਲ ਕੌਂਸਲ ਬੁਢਲਾਡਾ ਦੇ ਰਾਕੇਸ਼ ਕੁਮਾਰ ਜੇਈ ਅਤੇ ਮਾਨਸਾ ਸ਼ਹਿਰ ਰਹਿੰਦੇ ਠੇਕੇਦਾਰ ਰਾਕੇਸ਼ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਹੈ।