ਚੌਕਸੀ ਟੀਮਾਂ ਨੇ ਕਈ ਥਾਈਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਨਵੰਬਰ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਅੱਜ ਵੀ ਜ਼ਿਲ੍ਹਾ ਸੰਗਰੂਰ ਦੇ ਵੱਡੀ ਗਿਣਤੀ ਅਧਿਕਾਰੀ ਤੇ ਕਰਮਚਾਰੀ ਪਿੰਡ ਪਿੰਡ ਪਹੁੰਚ ਕਰ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕਰਨ ਵਿੱਚ ਜੁਟੇ ਰਹੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਵੇਰ ਸਮੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੀਤੀ ਸਮੀਖਿਆ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਸਬ ਡਵੀਜ਼ਨਾਂ ਵਿੱਚ ਚੌਕਸੀ ਨੂੰ ਵਧਾਉਂਦਿਆਂ ਕਈ ਥਾਈਂ ਪਰਾਲੀ ਜਾਂ ਰਹਿੰਦ ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਅਤੇ ਮੁਸਤੈਦੀ ਦਿਖਾਉਂਦਿਆਂ ਮੌਕੇ ’ਤੇ ਪਹੁੰਚ ਕਰਦਿਆਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਸੁਚੇਤ ਕੀਤਾ।
ਇਸੇ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਦੀ ਰਹਿਨੁਮਾਈ ਹੇਠ ਸਾਰੀਆਂ ਸਬ ਡਵੀਜ਼ਨਾਂ ਵਿੱਚ ਐਸ.ਪੀਜ਼ ਤੇ ਡੀ.ਐਸ.ਪੀਜ਼ ਦੀ ਅਗਵਾਈ ਹੇਠ ਥਾਣਾ ਮੁਖੀ ਤੇ ਹੋਰ ਸਹਾਇਕ ਅਮਲਾ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਵਿੱਚ ਸਰਗਰਮ ਰਿਹਾ। ਇਸ ਦੌਰਾਨ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਵੀ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਪਰੇਸ਼ਾਨੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦੇ ਰਹੇ। ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਨਿੱਗਰ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਅਜਿਹੇ ਮਾੜੇ ਰੁਝਾਨ ਨੂੰ ਰੋਕਣ ਲਈ ਅਪੀਲ ਕੀਤੀ ਗਈ। ਮਾਹਿਰਾਂ ਨੇ ਦੱਸਿਆ ਕਿ ਜੇਕਰ ਪਰਾਲੀ ਜਾਂ ਰਹਿੰਦ ਖੂੰਹਦ ਸਾੜ ਕੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਪ੍ਰਥਾ ਨੂੰ ਰੋਕਿਆ ਨਾ ਗਿਆ ਤਾਂ ਇਸ ਦਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੱਡਾ ਨੁਕਸਾਨ ਹੰਢਾਉਣਾ ਪਵੇਗਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਕਲੱਸਟਰ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਪੱਧਰ ’ਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਣਾਈਆਂ ਗਈਆਂ ਟੀਮਾਂ ਤੋਂ ਰੋਜ਼ਾਨਾ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨਾਂ ਦੀ ਹੌਂਸਲਾ ਅਫਜਾਈ ਲਈ ਵੀ ਯਤਨ ਜਾਰੀ ਰੱਖੇ ਜਾਣ।