Vij suspend officer: ਦਿਵਿਆਂਗ ਦੀ ਪੈਨਸ਼ਨ ਲਾਉਣ ’ਚ ਦੇਰੀ, ਵਿੱਜ ਵੱਲੋਂ ਅਧਿਕਾਰੀ ਮੁਅੱਤਲ
ਰਤਨ ਸਿੰਘ ਢਿੱਲੋਂ
ਅੰਬਾਲਾ, 16 ਦਸੰਬਰ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਅੱਜ ਅੰਬਾਲਾ ਛਾਉਣੀ ਸਥਿਤ ਪੀ.ਡਬਲਿਊ.ਡੀ ਰੈਸਟ ਹਾਊਸ ਵਿੱਚ ਆਯੋਜਿਤ ਜਨਤਾ ਕੈਂਪ ਦੌਰਾਨ ਦਿਵਿਆਂਗ ਦੀ ਪੈਨਸ਼ਨ ਲਾਉਣ ਵਿਚ ਦੇਰੀ ਕਰਨ ਅਤੇ ਲਾਪਰਵਾਹੀ ਵਰਤਣ ਵਾਲੇ ਸਮਾਜਿਕ, ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਜਾਂਚ ਅਧਿਕਾਰੀ ਅਵਤਾਰ ਸਿੰਘ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੈਂਪ ਦੌਰਾਨ ਵਿੱਜ ਨੇ ਮੌਕੇ ’ਤੇ ਮੌਜੂਦ ਵਿਭਾਗ ਦੇ ਐਕਸੀਅਨ ਨੂੰ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਕਾਸ ਕਾਰਜਾਂ ਵਿੱਚ ਦੇਰੀ ਲਈ ਤਾੜਨਾ ਕੀਤੀ ਅਤੇ ਬਿਨਾਂ ਕਿਸੇ ਦੇਰੀ ਤੋਂ ਕੰਮ ਸ਼ੁਰੂ ਕਰਵਾਉਣ ਦੀ ਹਦਾਇਤ ਕੀਤੀ। ਇਸੇ ਤਰ੍ਹਾਂ ਉਹ ਬਿਜਲੀ, ਨਗਰ ਕੌਂਸਲ ਅਤੇ ਪੁਲੀਸ ਵਿਭਾਗ ਦੀ ਕਾਰਜਪ੍ਰਣਾਲੀ ਤੋਂ ਨਾਖੁਸ਼ ਜਾਪੇ ਅਤੇ ਸਬੰਧਤ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਸੈਂਕੜੇ ਸ਼ਿਕਾਇਤਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਅਗਲੇ ਕੈਂਪ ਤੋਂ ਪਹਿਲਾਂ ਨਿਪਟਾਰਾ ਕੀਤਾ ਜਾਵੇ ਨਹੀਂ ਤਾਂ ਉਹ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ।