ਪਿੰਡਾਂ ਦੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦੇ ਗਵਾਹ: ਜੌੜਾਮਾਜਰਾ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 29 ਅਗਸਤ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਯਤਨ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਹੋਣ ਵਾਲੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੇ। ਉਨ੍ਹਾਂ ਨੇ ਇਹ ਪ੍ਰਗਟਾਵਾ ਪਿੰਡ ਸੌਂਢਾ ਵਿਚ ਨੌਜਵਾਨ ਸਭਾ, ਗੁੱਗਾ ਮਾੜੀ ਕਮੇਟੀ ਅਤੇ ਨਗਰ ਪੰਚਾਇਤ ਵੱਲੋਂ ਕਰਵਾਏ 23ਵੇਂ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਜਾਣ-ਪਛਾਣ ਕਰਨ ਮੌਕੇ ਕੀਤਾ। ਇਹ ਕਬੱਡੀ ਕੱਪ ਬਰੇਟਾ ਸਮਾਧਾਂ ਦੀ ਟੀਮ ਜਿੱਤਿਆ ਜਦਕਿ ਸੈਂਪਲੀ ਸਾਹਿਬ ਉਪਜੇਤੂ ਰਹੀ। ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਕੀਤੀਆਂ ਕੋਸ਼ਿਸ਼ਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਮੰਤਰੀ ਨੇ ਉਨ੍ਹਾਂ ਪਿੰਡ ਸੌਢਾ ਲਈ 10 ਲੱਖ ਰੁਪਏ ਦੀ ਗਰਾਟ ਦੇਣ ਦਾ ਵੀ ਐਲਾਨ ਕੀਤਾ। ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬੀ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ।