Violent protest over Waqf: ਵਕਫ਼ ਕਾਨੂੰਨ ਦਾ ਵਿਰੋਧ: ਕੇਂਦਰੀ ਗ੍ਰਹਿ ਸਕੱਤਰ ਵੱਲੋਂ ਬੰਗਾਲ ਦੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਗੱਲਬਾਤ
ਨਵੀਂ ਦਿੱਲੀ, 12 ਅਪਰੈਲ
ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਕਿਹਾ ਕਿ ਕੇਂਦਰ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ ਹਿੰਸਾ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਰਾਜ ਵਿੱਚ ਅਮਨ ਸ਼ਾਂਤੀ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੇ ਮੁਸਲਿਮ ਬਹੁਗਿਣਤੀ ਵਾਲੇ ਮੁਰਸ਼ਿਦਾਬਾਦ ਜ਼ਿਲ੍ਹੇ ਵਿਚ ਵਕਫ (ਸੋਧ) ਕਾਨੂੰਨ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਝੜਪਾਂ ਤੋਂ ਬਾਅਦ ਪਿਓ-ਪੁੱਤ ਦੀ ਮੌਤ ਹੋ ਗਈ ਹੈ। ਇਸ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਅਤੇ ਪੁਲੀਸ ਮੁਖੀ ਨਾਲ ਵੀਡੀਓ ਕਾਨਫਰੰਸ ਜ਼ਰੀਏ ਗੱਲਬਾਤ ਕੀਤੀ ਤੇ ਰਾਜ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ ਹੈ।
ਪੱਛਮੀ ਬੰਗਾਲ ਦੇ ਡੀਜੀਪੀ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਜ਼ਮੀਨੀ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਥਿਤੀ ਤਣਾਅਪੂਰਨ ਪਰ ਕਾਬੂ ਹੇਠ ਹੈ। ਡੀਜੀਪੀ ਨੇ ਅੱਗੇ ਦੱਸਿਆ ਕਿ ਉਹ ਸਰਹੱਦੀ ਜ਼ਿਲ੍ਹੇ ਵਿੱਚ ਤਾਇਨਾਤ ਬੀਐਸਐਫ ਦੀ ਸਹਾਇਤਾ ਲੈ ਰਹੇ ਹਨ ਅਤੇ ਹਿੰਸਾ ਨਾਲ ਸਬੰਧਤ 150 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਸਕੱਤਰ ਨੇ ਦੱਸਿਆ ਕਿ ਮੁਰਸ਼ਿਦਾਬਾਦ ਵਿੱਚ ਸਥਾਨਕ ਤੌਰ ’ਤੇ ਉਪਲਬਧ ਲਗਪਗ 300 ਬੀਐਸਐਫ ਮੁਲਾਜ਼ਮਾਂ ਤੋਂ ਇਲਾਵਾ ਰਾਜ ਸਰਕਾਰ ਦੀ ਬੇਨਤੀ ’ਤੇ ਸੁਰੱਖਿਆ ਬਲਾਂ ਦੀਆਂ ਪੰਜ ਵਾਧੂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਸੂਬਾ ਸਰਕਾਰ ਨੂੰ ਹੋਰ ਸੰਵੇਦਨਸ਼ੀਲ ਜ਼ਿਲ੍ਹਿਆਂ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ।