ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਰਮੇਸ਼ ਭਾਰਦਵਾਜ
ਲਹਿਰਾਗਾਗਾ, ਨਵੰਬਰ
ਗੁਰਦੁਆਰਾ ਰਾਮਗੜ੍ਹੀਆ ਵਿਸ਼ਵਕਰਮਾ ਭਵਨ ਵਿੱਚ ਵਿਸ਼ਵਕਰਮਾ ਕਮੇਟੀ ਵੱਲੋਂ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਰਤੀ ਭਾਈਚਾਰੇ ਨੂੰ ਵਿਸ਼ਵਕਰਮਾ ਦਿਵਸ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਜੀ ਬਹੁਤ ਵਧੀਆ ਸ਼ਿਲਪਕਾਰ ਸਨ ਅਤੇ ਭਵਨ ਕਲਾ ਦੇ ਮੋਢੀ ਵੀ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੇ ਹੁਨਰ, ਕਲਾ ਤੇ ਵਿਗਿਆਨ ਨੂੰ ਵਿਕਸਤ ਕੀਤਾ। ਇਸ ਮੌਕੇ ਉਨ੍ਹਾਂ ਲਹਿਰਾ ਵਿੱਚ ਬਾਈਪਾਸ ਚੌਕ ਦਾ ਨਾਂ ਵਿਸ਼ਵਕਰਮਾ ਚੌਕ ਰੱਖਣ ਦਾ ਐਲਾਨ ਵੀ ਕੀਤਾ ਅਤੇ ਉਸਾਰੀ ਅਧੀਨ ਧਰਮਸ਼ਾਲਾ ਕੰਮ ਮੁਕੰਮਲ ਕਰਵਾਉਣ ਦਾ ਵਿਸ਼ਵਾਸ ਵੀ ਦਵਾਇਆ। ਇਸ ਮੌਕੇ ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਭਗਵੰਤ ਸਿੰਘ ਸੋਹਲ, ਸਰਪ੍ਰਸਤ ਗੁਰਦੇਵ ਸਿੰਘ ਮਠਾੜੂ, ਚੇਅਰਮੈਨ ਜਸਪਾਲ ਸਿੰਘ ਸਾਰੋਂ, ਮੀਤ ਪ੍ਰਧਾਨ ਗੁਰਦੀਪ ਸਿੰਘ ਤੇ ਗੁਰਬਚਨ ਸਿੰਘ ਪਨੇਸਰ ਆਦਿ ਵੱਲੋਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸੁਨਾਮ ਉਧਮ ਸਿੰਘ ਵਾਲਾ (ਸਤਨਾਮ ਸਿੰਘ ਸੱਤੀ/ਬੀਰ ਇੰਦਰ ਸਿੰਘ ਬਨਭੌਰੀ): ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਵਿੱਚ ਵਿਸ਼ਵਕਰਮਾ ਦਿਹਾੜੇ ਨੂੰ ਸਮਰਪਿਤ ਕਰਵਾਏ ਕਈ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਰਤੀ ਭਾਈਚਾਰੇ ਨੂੰ ਵਿਸ਼ਵਕਰਮਾ ਜੈਅੰਤੀ ਵਧਾਈ ਦਿੱਤੀ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਾਲ ਨਾਲ ਜਖੇਪਲ ਚੋਵਾਸ, ਚੀਮਾ, ਝਾੜੋ, ਉਭਾਵਾਲ, ਲੌਂਗੋਵਾਲ ਅਤੇ ਦੁੱਗਾਂ ਵਿੱਚ ਵੀ ਵਿਸ਼ਵਕਰਮਾ ਦਿਹਾੜੇ ਦੀਆਂ ਲੋਕਾਂ ਨੂੰ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਦਸ ਨਹੁੰਆਂ ਦੀ ਕਿਰਤ ਕਰਨ ਵਾਲਿਆਂ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੇ ਵਿਸ਼ਵਕਰਮਾ ਮੰਦਰ ਵਿੱਚ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਮੂਹ ਭਾਈਚਾਰੇ ਨੂੰ ਮੁਬਾਰਕਾਂ ਦਿੱਤੀ। ਉਨ੍ਹਾਂ ਕਿਹਾ ਕਿ ਉਹ ਵਿਸ਼ਵਕਰਮਾ ਮੰਦਰ ਅਤੇ ਭਾਈਚਾਰੇ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇਗੀ। ਉਨ੍ਹਾਂ ਭਵਾਨੀਗੜ੍ਹ ਵਿਚ ਵਿਸ਼ਵਕਰਮਾ ਚੌਂਕ ਬਣਾਉਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਕੁਲਵੰਤ ਸਿੰਘ ਖਨੌਰੀ ਦਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਗੀਤ ਵੀ ਰਲੀਜ਼ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਜ ਤੇ ਰਣਜੀਤ ਸਿੰਘ ਤੂਰ ਆਦਿ ਹਾਜ਼ਰ ਸਨ।
ਅਮਰਗੜ੍ਹ (ਰਾਜਿੰਦਰ ਜੈਦਕਾ): ਗੁਰਦੁਆਰਾ ਵਿਸ਼ਵਕਰਮਾ ਸਾਹਿਬ ਝੂੰਦਾਂ ਰੋਡ ਵਿਖੇ ਵਿਸ਼ਕਰਮਾ ਦਿਵਸ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਹਲਕਾ ਇੰਚਾਰਜ ਕਾਂਗਰਸ ਸਮਿਤ ਮਾਨ, ਸੀਨੀਅਰ ‘ਆਪ’ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਪ੍ਰਧਾਨ ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੇਅਰਮੈਨ ਮਹਿੰਦਰ ਸਿੰਘ, ਨੰਬਰਦਾਰ ਪਰਮਜੀਤ ਸਿੰਘ ਤੇ ਪਰਮਜੀਤ ਸਿੰਘ ਪੰਮੀ ਆਦਿ ਹਾਜ਼ਰ ਸਨ।
ਸਮਾਣਾ (ਸੁਭਾਸ਼ ਚੰਦਰ): ਵਿਸ਼ਵਕਰਮਾ ਦਿਵਸ ਸਥਾਨਕ ਵਿਸ਼ਵਕਰਮਾ ਮੰਦਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਮਹਿਲਾ ਕਾਂਗਰਸੀ ਆਗੂ ਗੁਰਸ਼ਰਨ ਕੌਰ ਰੰਧਾਵਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਜਿਨ੍ਹਾਂ ਦਾ ਪ੍ਰਧਾਨ ਜਗਤਾਰ ਸਿੰਘ ਮਨਕੂ, ਹਰਦੀਪ ਸਿੰਘ ਧੀਮਾਨ, ਸਵਰਨ ਸਿੰਘ ਮਠਾੜੂ, ਹਰਜਿੰਦਰ ਸਿੰਘ, ਮਹਿੰਦਰ ਸਿੰਘ ਧੀਮਾਨ ਅਤੇ ਸੈਕਟਰੀ ਮਨੀਸ਼ ਧੀਮਾਨ ਨੇ ਸਨਮਾਨ ਕੀਤਾ।
ਕਿਰਤੀਆਂ ਨੇ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਈ: ਬਲਬੀਰ ਸਿੰਘ
ਪਟਿਆਲਾ (ਸਰਬਜੀਤ ਸਿੰਘ ਭੰਗੂ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਲਾਹੌਰੀ ਗੇਟ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ। ਸ੍ਰੀ ਵਿਸ਼ਵਕਰਮਾ ਚੈਰੀਟੇਬਲ, ਐਜੂਕੇਸ਼ਨ ਅਤੇ ਵੈਲਫੇਅਰ ਟਰੱਸਟ ਵੱਲੋਂ ਕਰਵਾਏ ਸਮਾਗਮ ਮੌਕੇ ਉਨ੍ਹ੍ਵਾਂ ਕਿਹਾ ਕਿ ਵਿਸ਼ਵਕਰਮਾ ਜੀ ਨੂੰ ਮੰਨਣ ਵਾਲੇ ਮਿਹਨਤਕਸ਼ ਲੋਕਾਂ ਨੇ ਦੇਸ਼ ਤੇ ਸਮਾਜ ਦੀ ਤਰੱਕੀ ’ਚ ਅਹਿਮ ਯੋਗਦਾਨ ਪਾਇਆ ਹੈ। ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਮਾਜ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਬਲਤੇਜ ਪੰਨੂ ਅਤੇ ਐਡਵੋਕੇਟ ਰਾਹੁਲ ਸੈਣੀ ਸਮੇਤ ਹੋਰ ਵੀ ਮੌਜੂਦ ਸਨ। ਦਿਵਾਲੀ ਮੌਕੇ ਖ਼ਤਰਨਾਕ ਪੱਧਰ ’ਤੇ ਵਧੇ ਪ੍ਰਦੂਸ਼ਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੰਤਰੀ ਨੇ ਅਪੀਲ ਕੀਤੀ ਕਿ ਬੱਚਿਆਂ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਤੋਂ ਬਚਾਉਣ ਸਮੇਤ ਸਾਂਹ, ਛਾਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਪਟਾਕੇ ਵਜਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਹਿਲ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ, ਲੀਗਲ ਸਲਾਹਕਾਰ ਅਮਰੀਕ ਸਿੰਘ ਧੀਮਾਨ, ਸਰਬਜੀਤ ਸਿੰਘ ਧੀਮਾਨ ਜੈ ਭਾਰਤ ਕੰਬਾਈਨ ਤੇ ਵੇਦ ਕਪੂਰ ਨੇ ਮੰਤਰੀ ਨੂੰ ਮੰਗ ਪੱਤਰ ਦਿੱਤਾ।