For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਦਾ ਦੌਰਾ

10:56 AM Apr 21, 2024 IST
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਦਾ ਦੌਰਾ
ਐੱਸਡੀਐੱਮ ਵਿਨੀਤ ਕੁਮਾਰ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ। ਫੋਟੋ: ਮੱਟਰਾਂ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਅਪਰੈਲ
ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਨੇ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਨ੍ਹਾਂ ਅਨਾਜ ਮੰਡੀਆਂ ਤੇ ਪਿੰਡਾਂ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਬੀਤੇ ਦਿਨੀਂ ਹੋਈ ਬਰਸਾਤ ਅਤੇ ਗੜਿਆਂ ਕਾਰਨ ਫਸਲਾਂ ਨੂੰ ਨੁਕਸਾਨ ਪਹੁੰਚਣ ਦੀਆਂ ਰਿਪੋਰਟਾਂ ਸਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਗੜੇਮਾਰੀ ਅਤੇ ਮੀਂਹ ਕਾਰਨ ਫਸਲਾਂ ਅਤੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵਿਕਰੀ ਲਈ ਲਿਆਂਦੀ ਕਣਕ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਅੱਜ ਇਹ ਜਾਇਜ਼ਾ ਲਿਆ ਗਿਆ ਹੈ ਅਤੇ ਸਮੂਹ ਸਬ ਡਿਵੀਜ਼ਨਾਂ ਵਿੱਚੋਂ ਪ੍ਰਾਪਤ ਹੋਣ ਵਾਲੀ ਰਿਪੋਰਟ ਨਿਰਧਾਰਤ ਸਮੇਂ ਅੰਦਰ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।
ਸੰਦੌੜ (ਪੱਤਰ ਪ੍ਰੇਰਕ); ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਅੱਜ ਅਨਾਜ ਮੰਡੀ ਸੰਦੌੜ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਖਰੀਦ ਏਜੰਸੀ ਵੇਅਰਹਾਊਸ ਵੱਲੋਂ ਅੱਜ ਪਹਿਲੇ ਦਿਨ 2500 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਣਕ ਦੀ ਨਿਰਵਿਘਨ ਖਰੀਦ ਲਈ ਅਧਿਕਾਰੀਆਂ ਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਪਟਿਆਲਾ (ਖੇਤਰੀ ਪ੍ਰਤੀਨਿਧ): ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਵੱਖ ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਨੇ ਦਦਹੇੜਾ, ਮਹਿਮਦਪੁਰ ਅਤੇ ਧਬਲਾਨ ਸਮੇਤ ਕੁਝ ਹੋਰ ਮੰਡੀਆਂ ਦਾ ਦੌਰਾ ਵੀ ਕੀਤਾ। ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਉਨ੍ਹਾ ਨੇ ਨਾਲ ਹੀ ਮੌਜੂਦ ਰਹੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ ਦੀ ਤਾਕੀਦ ਵੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਉਣ ਲਈ ਆਖਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾ ਨਾਲ ਵੀ ਗੱਲਬਾਤ ਕੀਤੀ ਅਤੇ ਖਰੀਦ ਸਬੰਧੀ ਪ੍ਰਬੰਧਾਂ ਦੀ ਜਮੀਨੀ ਅਸਲੀਅਤ ਜਾਣੀ।

Advertisement

ਸਕੱਤਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ

ਭਵਾਨੀਗੜ੍ਹ (ਪੱਤਰ ਪ੍ਰੇਰਕ): ਸਕੱਤਰ (ਫ਼ੂਡ ਪੰਜਾਬ) ਵਿਕਾਸ ਗਰਗ ਵੱਲੋਂ ਅੱਜ ਇੱਥੇ ਮੁੱਖ ਅਨਾਜ ਮੰਡੀ ਦਾ ਦੌਰਾ ਕਰ ਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਾਲ ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ ਅਤੇ ਜ਼ਿਲ੍ਹੇ ਦੇ ਖਰੀਦ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਮੰਡੀ ਵਿੱਚ ਕਣਕ ਵੇਚਣ ਆਏ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ, ਢੁਆਈ ਅਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖਰੀਦ ਅਧਿਕਾਰੀਆਂ ਨੂੰ ਸਾਰੇ ਖਰੀਦ ਕੇਂਦਰਾਂ ਵਿੱਚ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਸਾਨਾਂ ਨੂੰ ਪੱਕੀ ਕਣਕ ਵਢਾ ਕੇ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਘਰਾਚੋਂ ਅਤੇ ਨਾਗਰਾ ਦੇ ਖਰੀਦ ਕੇਂਦਰਾਂ ਵਿੱਚ ਜਾਇਜ਼ਾ ਲਿਆ ਗਿਆ। ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਦੀਪਾ ਮਿੱਤਲ, ਕੁਲਵੰਤ ਸਿੰਘ, ਦੇਵਿਸ਼ ਗੋਇਲ, ਜਗਦੇਵ ਸਿੰਘ ਬੁੱਟਰ, ਮੰਗਤ ਸ਼ਰਮਾਂ, ਰਕੇਸ਼ ਸਿੰਗਲਾ, ਸਰਬਜੀਤ ਸਿੰਘ ਟੋਨੀ, ਈਸ਼ਵਰ ਬਾਂਸਲ ਅਤੇ ਤਰਸੇਮ ਸਿੰਘ ਤੂਰ ਆਦਿ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×