ਵਧੀਕ ਨਿਰਦੇਸ਼ਕ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਦਸੰਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਸਾਰ ਗਤੀਵਿਧੀਆਂ ਦਾ ਜ਼ਾਇਜਾ ਲਿਆ। ਇਸੇ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ‘ਪਿਆਜ਼ ਦੀ ਸੁਚੱਜੀ ਕਾਸ਼ਤ, ਬੀਜ ਉਤਪਾਦਨ ਅਤੇ ਸੁਰੱਖਿਅਤ ਸਟੋਰੇਜ’ ਬਾਰੇ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਖੇਤੀ ਵਿਭਿੰਨਤਾ ਲਈ ਸਬਜ਼ੀਆਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਪਿਆਜ਼ ਇੱਕ ਮਹੱਤਵਪੂਰਨ ਫ਼ਸਲ ਹੈ ਜਿਸ ਦੀ ਸਫ਼ਲ ਕਾਸ਼ਤ ਕਰ ਕੇ ਕਿਸਾਨ ਫ਼ਸਲੀ-ਵਿਭਿੰਨਤਾ ਦੇ ਨਾਲ-ਨਾਲ ਵੱਧ ਆਮਦਨ ਕਮਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਘਰੇਲੂ ਲੋੜਾਂ ਪੂਰੀਆਂ ਕਰਨ ਲਈ ਸਬਜ਼ੀਆਂ ਅਤੇ ਫ਼ਲਾਂ ਦੀ ਪੌਸ਼ਟਿਕ ਬਗੀਚੀ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਨੇ ਟਰੇਨਿੰਗ ਪ੍ਰੋਗਰਾਮ ਦੀ ਰੂਪ-ਰੇਖਾ ’ਤੇ ਚਾਨਣਾ ਪਾਇਆ। ਇਸ ਮੌਕੇ ਡਾ. ਜਿਫ਼ਨਵੀਰ ਸਿੰਘ, ਸਬਜ਼ੀ ਬ੍ਰੀਡਰ, ਸਬਜ਼ੀ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ, ਡਾ. ਰਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਬਾਗਬਾਨੀ), ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਕ੍ਰਿਸ਼ੀ ਵਿਗਿਆਨ ਕੇਂਦਰ ਨੇ ਵਿਚਾਰ ਰੱਖੇ। ਡਾ. ਢਿੱਲੋਂ ਵੱਲੋਂ ਪਿੰਡ ਫਤਿਹਗੜ੍ਹ ਛੰਨਾ ਦੇ ਅਗਾਂਹਵਧੂ ਕਿਸਾਨ ਰਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਲਗਭਗ 30 ਸਬਜ਼ੀ ਉਤਪਾਦਕ ਕਿਸਾਨਾਂ ਨੇ ਭਾਗ ਲਿਆ ਅਤੇ ਮਾਹਿਰਾਂ ਤੋਂ ਆਪਣੇ ਸੁਆਲਾਂ ਦੇ ਜੁਆਬ ਪੁੱਛੇ। ਇਸ ਦੌਰੇ ਦੌਰਾਨ ਡਾ. ਸੁਨੀਲ ਕੁਮਾਰ, ਡਾ. ਵਿਤਸਤਾ ਅਤੇ ਡਾ. ਰੁਕਿੰਦਰ ਪ੍ਰੀਤ ਸਿੰਘ ਵੀ ਹਾਜ਼ਰ ਸਨ